ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਵਿਖੇ ਮੁਖੀ ਡਾ. ਹਰਵਿੰਦਰ ਪਾਲ ਕੌਰ ਦੀ ਅਗਵਾਈ ਹੇਠ ਇਕ ਸ਼ੋਕ ਸਭਾ ਕਰਵਾਈ ਗਈ ਜਿਸ ਵਿੱਚ ਵਿਭਾਗ ਵਿੱਚ ਲੰਬੇ ਸਮੇਂ ਤੱਕ ਸੇਵਾਵਾਂ ਦੇਣ ਵਾਲੇ ਪ੍ਰੋ. ਮੁਖਤਿਆਰ ਸਿੰਘ ਗਿੱਲ ਨੂੰ ਯਾਦ ਕੀਤਾ ਗਿਆ। ਵਿਭਾਗ ਦੇ ਅਧਿਆਪਕ ਡਾ. ਸੀ ਪੀ ਕੰਬੋਜ ਨੇ ਸ਼ੋਕ ਪ੍ਰਸਤਾਵ ਪੇਸ਼ ਕਰਦਿਆਂ ਕਿਹਾ ਕਿ ਉਹ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਦੇ ਖੇਤਰ ਦੇ ਉੱਘੇ ਵਿਦਵਾਨ ਸਨ। ਪ੍ਰੋ. ਗਿੱਲ ਵਿਭਾਗ ਦੇ ਮੁਖੀ ਵੀ ਰਹੇ ਤੇ ਸੇਵਾ ਮੁਕਤੀ ਮਗਰੋਂ ਵੀ ਉਹ ਪੰਜਾਬੀ ਦੇ ਵਿਕਾਸ ਅਤੇ ਪ੍ਰਚਾਰ ਪ੍ਰਸਾਰ ਲਈ ਕੰਮ ਕਰਦੇ ਰਹੇ। ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਨੇ ਉਹਨਾਂ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉੱਘੇ ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ ਨੇ ਕਿਹਾ ਕਿ ਉਹਨਾਂ ਦੇ ਜਾਣ ਨਾਲ ਪੰਜਾਬੀ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਡਾ. ਬੂਟਾ ਸਿੰਘ ਬਰਾੜ ਨੇ ਉਨਾਂ ਦੇ ਕੋਸ਼ਕਾਰੀ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਉਪਰੰਤ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਇਸ ਸਮੇਂ ਵਿਭਾਗ ਦਾ ਸਮੂਹ ਸਟਾਫ ਹਾਜ਼ਰ ਸੀ।