ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੁੱਲ ਲੋਕਾਈ ਦਾ ਸਰਬ ਉੱਚ ਕੇਂਦਰ ਹੈ, ਜੇਕਰ ਕੋਈ ਵਿਅਕਤੀ ਮਾੜੀ ਜੁਰਰਤ ਰੱਖੇਗਾ ਤਾਂ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗੀ। ਸਨਿੱਚਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦਾ ਗਿਆ ਬੇਅਦਬੀ ਬਿੱਲ 3 ਕਰੋੜ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਹ ਬਿੱਲ ਹੁਣ ਸਿਲੈਕਟ ਕਮੇਟੀ ਕੋਲ ਚਲਾ ਗਿਆ ਹੈ ਜਿੱਥੇ ਸੂਬਾ ਵਾਸੀਆਂ ਤੋਂ ਇਸ ਬਾਰੇ ਵਿਚਾਰ ਲਏ ਜਾਣਗੇ। ਉਹਨਾਂ ਕਿਹਾ ਕਿ ਇਹ ਬਿੱਲ ਅਗਲੇ 6 ਮਹੀਨੇ ਵਿੱਚ ਐਕਟ ਬਣਕੇ ਲਾਗੂ ਹੋ ਜਾਵੇਗਾ ਜਿਸ ਉਪਰੰਤ ਕਿਸੇ ਵੀ ਗੈਰ ਸਮਾਜੀ ਤੱਤ ਦੀ ਜ਼ੁਰਰਤ ਨਹੀਂ ਰਹੇਗੀ ਕਿ ਉਹ ਧਾਰਮਿਕ ਗ੍ਰੰਥਾਂ, ਕੇਂਦਰਾਂ ਅਤੇ ਤਸਵੀਰਾਂ ਨਾਲ ਛੇੜਛਾੜ ਕਰ ਸਕੇ। ਉਨ੍ਹਾਂ ਆਖਿਆ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਹੋਰ ਆਗੂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੇ।