ਜ਼ੀਰਕਪੁਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਬਲਟਾਣਾ ਖੇਤਰ ਤੋਂ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਸਹਿਯੋਗ ਲਈ ਜਾਣੂ ਕਰਵਾਇਆ ਗਿਆ।
ਇਸ ਮੌਕੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਕਿਸੇ ਵੀ ਸੂਬੇ ਦੇ ਵਿਕਾਸ ਲਈ ਉਥੋਂ ਦੀ ਲੋਕਾਂ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਕੋਈ ਵੀ ਦੇਸ਼ ਤਾਂ ਹੀ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਸਕਦਾ ਹੈ, ਜੇਕਰ ਉਸ ਦੇਸ਼ ਜਾਂ ਸੂਬੇ ਦੀ ਨੌਜਵਾਨ ਪੀੜ੍ਹੀ ਮਿਹਨਤੀ ਅਤੇ ਸਿਹਤਮੰਦ ਹੋਵੇਗੀ। ਸਿਹਤਮੰਦ ਹੋਣ ਲਈ ਨਸ਼ਿਆਂ ਤੋਂ ਦੂਰ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਦੇਸ਼ ਅਤੇ ਸਮਾਜ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਮੰਤਵ ਹਰ ਪਿੰਡ, ਸ਼ਹਿਰ ਅਤੇ ਵਾਰਡ ਨੂੰ ਨਸ਼ਾ ਮੁਕਤ ਕਰਨਾ ਅਤੇ ਇਸ ਦਾ ਮਨੁੱਖੀ ਸਰੀਰ ਤੇ ਕੀ ਮਾੜਾ ਪ੍ਰਭਾਵ ਪੈਂਦਾ ਹੈ, ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਾਉਣਾ ਹੈ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਸੇਫ ਪੰਜਾਬ ਹੈਲਪਲਾਈਨ ਨੰਬਰ' ਜਾਰੀ ਕੀਤਾ ਗਿਆ ਹੈ, ਜਿੱਥੇ ਕੋਈ ਵੀ ਵਿਅਕਤੀ ਨਸ਼ੇ ਤਸਕਰਾਂ ਸਬੰਧੀ ਸੂਚਨਾ ਦੇ ਸਕਦਾ ਹੈ, ਇਹ ਨੰਬਰ 9779100200 ਹੈ। ਉਹਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਪੂਰੇ ਸਮਾਜ ਦੀ ਮੁਹਿੰਮ ਹੈ, ਇਹ ਇੱਕਲੀ ਸਰਕਾਰ ਦਾ ਕੰਮ ਨਹੀਂ ਹੈ ਸਗੋਂ ਨਸ਼ੇ ਨੂੰ ਖਤਮ ਕਰਨ ਲਈ ਸਾਰੇ ਸਮਾਜ ਦਾ ਸਹਿਯੋਗ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਕੋਈ ਵੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪੂਰੇ ਸਮਾਜ ਦੇ ਸਹਿਯੋਗ ਦੀ ਜ਼ਰੂਰਤ ਹੁੰਦੀ ਹੈ। ਪੂਰਾ ਸਮਾਜ ਮਿਲ ਕੇ ਹੀ ਨਸ਼ੇ ਦੀ ਲਾਹਨਤ ਨੂੰ ਖਤਮ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਹਰੇਕ ਪਿੰਡ/ਵਾਰਡ ਵਿੱਚ ਬਣਾਈਆਂ ਪੇਂਡੂ ਸੁਰੱਖਿਆ ਕਮੇਟੀਆਂ ਵੱਲੋਂ ਆਪਣੇ ਪਿੰਡ/ਵਾਰਡ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰ ਪੇਂਡੂ/ਵਾਰਡ ਸੁਰੱਖਿਆ ਕਮੇਟੀ ਦਾ ਮਕਸਦ ਆਪਣੇ ਦੇਸ਼, ਪਿੰਡ, ਸ਼ਹਿਰ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਾਉਣਾ ਹੈ। ਇਹਨਾਂ ਕਮੇਟੀਆਂ ਨੂੰ ਹੋਰ ਮਜਬੂਤ ਕਰਨ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਜ਼ਰੂਰਤ ਹੈ, ਤਾਂ ਜੋ ਪਿੰਡਾਂ/ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਪੂਰੀ ਚੌਕਸੀ ਰੱਖੀ ਜਾ ਸਕੇ। ਉਨਾਂ ਨੇ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦੋਵਾਂ ਦਾ ਹੀ ਫਰਜ਼ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਨਸ਼ੇ ਦੀਆਂ ਮਾੜੀਆਂ ਅਲਾਮਤਾਂ ਤੋਂ ਸਮੇਂ ਸਮੇਂ ਤੇ ਜਾਣੂ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਹੁਣ ਤੱਕ ਡੇਰਾਬਸੀ ਦੇ 93 ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਦਿਵਾਇਆ ਜਾ ਚੁੱਕਾ ਹੈ ਅਤੇ ਹੁਣ ਸ਼ਹਿਰੀ ਵਾਰਡਾਂ ਵਿੱਚ ਇਹ ਮੁਹਿੰਮ ਸ਼ਰੂ ਕੀਤੀ ਗਈ ਹੈ। ਰੰਧਾਵਾ ਨੇ ਇਸ ਮੌਕੇ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਵਾ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।