ਸੁਨਾਮ : ਸ੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੀ ਭਰਤੀ ਮੁਕੰਮਲ ਕਰਕੇ ਜ਼ਿਲ੍ਹਾ ਅਤੇ ਸੂਬਾ ਡੈਲੀ ਗੇਟਾਂ ਦੀ ਚੋਣ ਕਰਨ ਲਈ ਹਲਕੇ ਦੇ ਡੈਲੀ ਗੇਟਾਂ ਦੀ ਮੀਟਿੰਗ ਗੁਰਦੁਆਰਾ ਸੱਚਖੰਡ ਸਾਹਿਬ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਡੇਲੀਗੇਟਾਂ ਨੇ ਸਰਬਸੰਮਤੀ ਨਾਲ ਜ਼ਿਲ੍ਹਾ ਅਤੇ ਸਟੇਟ ਡੇਲੀ ਗੇਟਾਂ ਦੀ ਚੋਣ ਕੀਤੀ। ਇਸ ਮੌਕੇ ਇਕੱਤਰ ਹੋਏ ਪਾਰਟੀ ਡੈਲੀ ਗੇਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਗਠਿਤ ਹੋਏ ਅਕਾਲੀ ਦਲ ਨੂੰ ਹੀ ਲੋਕ ਪ੍ਰਵਾਨ ਕਰਨਗੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਸੀ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹੋਏ ਲੋਕ ਪੰਥ ਅਤੇ ਪੰਜਾਬ ਦੇ ਲੋਕਾਂ ਦੀ ਅਗਵਾਈ ਨਹੀਂ ਕਰ ਸਕਦੇ। ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਘਰਸ਼ ਲੜਕੇ ਹੱਕ ਪ੍ਰਾਪਤ ਕੀਤੇ ਜਾ ਸਕਦੇ ਹਨ। ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾਂ ਨੇ ਆਖਿਆ ਕਿ ਗੁਰੂ ਤੋਂ ਬੇਮੁੱਖ ਹੋਇਆ ਵਿਅਕਤੀ ਅਕਾਲੀ ਦਲ ਦਾ ਲੀਡਰ ਨਹੀਂ ਹੋ ਸਕਦਾ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਲਾਲਸਾ ਕਾਰਨ ਪੰਜਾਬ ਅੰਦਰ ਆਮ ਆਦਮੀ ਪਾਰਟੀ ਸਤਾ ਵਿੱਚ ਆਈ। ਬੁਲਾਰਿਆਂ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਪੰਥ ਅਤੇ ਪੰਜਾਬ ਦੇ ਭਲੇ ਲਈ ਇੱਕਜੁੱਟ ਹੋਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਰਗਰਮੀ ਨਾਲ ਕੰਮ ਕਰਨ ਤਾਂ ਜੋ ਅਕਾਲੀ ਦਲ ਦੀ ਮਜ਼ਬੂਤੀ ਬੂਥ ਪੱਧਰ ਤੇ ਹੋ ਸਕੇ। ਇਸ ਮੌਕੇ ਨੌਜਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ,ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਜਥੇਦਾਰ ਉਦੇ ਸਿੰਘ ਲੌਂਗੋਵਾਲ, ਗੁਰਚਰਨ ਸਿੰਘ ਧਾਲੀਵਾਲ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਡਾਕਟਰ ਰੂਪ ਸਿੰਘ ਸ਼ੇਰੋਂ, ਸੁਨੀਤਾ ਸ਼ਰਮਾ, ਸੁਰਿੰਦਰ ਸਿੰਘ ਘਾਸੀਵਾਲਾ, ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।