ਅਣਅਧਿਕਾਰਤ ਕਾਲੋਨੀਆਂ ਵਿਕਸਤ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਲੈਂਡ ਪੂਲਿੰਗ ਅਧੀਨ ਕਿਸਾਨ ਦੀ ਸਹਿਮਤੀ ਨਾਲ ਲਈ ਜਾਵੇਗੀ ਜ਼ਮੀਨ
ਸੁਨਾਮ : ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀ ਕਾਰਜਕੁਸ਼ਲਤਾ ਸਦਕਾ ਪੰਜਾਬ ਦੀ ਆਰਥਿਕ ਸਥਿਤੀ ਵਿੱਚ ਵੱਡੇ ਸੁਧਾਰ ਹੋਏ ਹਨ। ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੀ ਬਾਕੀ ਰਹਿੰਦੀ ਇੱਕ ਮਾਤਰ ਗਾਰੰਟੀ ਜਲਦੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ ਇੰਨਾ ਮਾਲੀਆ ਕਮਾਇਆ ਹੈ ਜਿੰਨਾ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਪੰਜ ਸਾਲਾਂ ਵਿੱਚ ਨਹੀਂ ਕਮਾ ਸਕੀ। ਬੁੱਧਵਾਰ ਨੂੰ ਸੁਨਾਮ ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਟੈਕਸ ਦੇਣ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇੱਕ-ਇੱਕ ਪੈਸਾ ਇਮਾਨਦਾਰੀ ਨਾਲ ਪੰਜਾਬ ਦੇ ਵਿਕਾਸ 'ਤੇ ਖਰਚ ਕੀਤਾ ਜਾ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿਕਸਤ ਕਰਨ ਵਾਲੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਅਧਿਕਾਰਤ ਕਾਲੋਨੀਆਂ ਵਸਾਉਣ ਲਈ ਲੈਂਡ ਪੂਲਿੰਗ ਨੀਤੀ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ਵਿੱਚ ਸ਼ਾਮਲ ਹੋਣ ਜਾਂ ਨਾ ਸ਼ਾਮਲ ਹੋਣ ਦੀ ਆਜ਼ਾਦੀ ਹੈ। ਕਿਸਾਨ ਦੀ ਸਹਿਮਤੀ ਨਾਲ ਹੀ ਜ਼ਮੀਨ ਲਈ ਜਾਵੇਗੀ। ਜੇਕਰ ਕੋਈ ਕਿਸਾਨ ਯੂਨੀਅਨ ਲੈਂਡ ਪੂਲਿੰਗ ਨੀਤੀ ਬਾਰੇ ਸਰਕਾਰ ਨਾਲ ਗੱਲ ਕਰਨਾ ਚਾਹੁੰਦਾ ਹੈ, ਤਾਂ ਸਰਕਾਰ ਦੇ ਦਰਵਾਜ਼ੇ ਖੁੱਲ੍ਹੇ ਹਨ। ਵਿਰੋਧੀ ਪਾਰਟੀਆਂ ਇਸ ਨੀਤੀ ਦੇ ਵਿਰੋਧ ਵਿੱਚ ਗਲਤ ਤਸਵੀਰ ਪੇਸ਼ ਕਰ ਰਹੀਆਂ ਹਨ। ਸਰਕਾਰ ਦਾ ਇਰਾਦਾ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸਰਪੰਚ ਬ੍ਰਿਜ ਲਾਲ, ਸਾਬਕਾ ਸਰਪੰਚ ਬਲਵੰਤ ਸਿੰਘ, ਨੰਦ ਲਾਲ ਛਾਹੜ ਹਾਜ਼ਰ ਸਨ।