ਸੁਨਾਮ : ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾਂ ਵਿੱਚ ਦਹਾਕਿਆਂ ਤੋਂ ਕਾਸ਼ਤ ਕਰਦੇ ਆ ਰਹੇ ਕਿਸਾਨਾਂ ਦੇ ਕਬਜ਼ੇ ਹੇਠਲੀਆਂ ਜ਼ਮੀਨਾਂ ਦਾ ਜ਼ਬਰੀ ਕਬਜ਼ਾ ਲੈਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਬੁੱਧਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਛਾਜਲੀ, ਮੈਦੇਵਾਸ, ਚੱਠੇ ਨਕਟੇ, ਭੈਣੀ ਗੰਢੂਆਂ ਸਮੇਤ ਹੋਰਨਾਂ ਪਿੰਡਾਂ ਵਿੱਚ ਸੂਬਾ ਸਰਕਾਰ ਦੀਆਂ ਅਰਥੀਆਂ ਸਾੜੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਪੱਬਾਂ ਭਾਰ ਹੋ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ , ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ, ਮਨੀ ਸਿੰਘ ਭੈਣੀ, ਜੀਤ ਸਿੰਘ ਗੰਢੂਆਂ, ਯਾਦਵਿੰਦਰ ਸਿੰਘ, ਗੁਰਸੇਵਕ ਸਿੰਘ, ਪਿਆਰਾ ਸਿੰਘ ਛਾਜਲੀ, ਬਲਜੀਤ ਸਿੰਘ, ਰਾਜਸਿੰਘ ਬੀਰ ਕਲਾਂ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾਂ ਵਿਖੇ ਦਹਾਕਿਆਂ ਤੋਂ ਕਾਸ਼ਤ ਕਰਦੇ ਆ ਰਹੇ ਕਿਸਾਨਾਂ ਦੇ ਕਬਜ਼ੇ ਹੇਠਲੀ ਜ਼ਮੀਨ ਛੁਡਾਉਣ ਲਈ ਪੁਲਿਸ ਨੇ ਸਵੇਰੇ ਚਾਰ ਵਜੇ ਕੋਸ਼ਿਸ਼ ਕੀਤੀ ਕਬਜਾਧਾਰਕ ਕਿਸਾਨਾਂ ਦੇ ਵਿਰੋਧ ਕਰਨ ਤੇ ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ ਕਿਸਾਨਾਂ ਨੂੰ ਜਬਰੀ ਹਿਰਾਸਤ ਵਿਚ ਲਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਇਸ ਦੇ ਵਿਰੋਧ ਵਿੱਚ ਸੂਬਾ ਪੱਧਰੀ ਪੱਧਰਾ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਰਕਾਰ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਹੜੱਪਣਾ ਚਾਹੁੰਦੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।