ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਭਵਾਨੀਗੜ੍ਹ- ਸੁਨਾਮ -ਕੋਟਸ਼ਮੀਰ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖੇ ਜਾਣ ਤੇ ਸੁਨਾਮ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਵਾਰਿਸਾਂ ਸਮੇਤ ਉਨ੍ਹਾਂ ਨਾਲ ਸਬੰਧਿਤ ਵੱਖ ਵੱਖ ਕਮੇਟੀਆਂ ਅਤੇ ਸਮੁੱਚੇ ਕੰਬੋਜ਼ ਭਾਈਚਾਰੇ ਵਿੱਚ ਖ਼ਾਸ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਅਤੇ ਸਰਪ੍ਰਸਤ ਮਾਸਟਰ ਕੇਹਰ ਸਿੰਘ ਜੋਸ਼ਨ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਉਕਤ ਸੜਕ ਦਾ ਨਾਮ ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਸ਼ਹੀਦ ਊਧਮ ਸਿੰਘ ਮਾਰਗ ਰੱਖਣ ਨਾਲ ਸ਼ਹੀਦ ਦੇ ਮਾਣ ਸਨਮਾਨ ਵਿੱਚ ਅਥਾਹ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਵੱਖ ਵੱਖ ਕਮੇਟੀਆਂ ਅਤੇ ਕੰਬੋਜ ਭਾਈਚਾਰੇ ਦੇ ਲੋਕਾਂ ਦੀਆਂ ਆਸਾਂ ਅਤੇ ਭਾਵਨਾਵਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਵਾਨੀਗੜ੍ਹ ਸੁਨਾਮ ਕੋਟਸ਼ਮੀਰ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਪਾਸ ਕੀਤੇ ਜਾਣ ਬਾਰੇ ਇਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਭਵਾਨੀਗੜ੍ਹ ਤੋਂ ਕੋਟਸ਼ਮੀਰ ਵਾਇਆ ਭੀਖੀ ਮਾਰਗ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਪਾਸ ਕਰ ਦਿੱਤਾ ਗਿਆ ਹੈ। ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਪੰਜਾਬ ਸਰਕਾਰ ਖਾਸ ਕਰਕੇ ਕੈਬਨਿਟ ਮੰਤਰੀ ਅਮਨ ਅਰੋੜਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼ ਅਤੇ ਪਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਡਾਕਟਰ ਮਲਕੀਅਤ ਸਿੰਘ ਥਿੰਦ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਆਗੂਆਂ ਦੀ ਮਹਿਨਤ ਸਦਕਾ ਹੀ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੰਜਾਬ ਸਰਕਾਰ ਨੇ ਪ੍ਰਵਾਨਗੀ ਦੇ ਕੇ ਸ਼ਹੀਦ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਮੰਗਾਂ ਜਿਨ੍ਹਾਂ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਛੁੱਟੀ ਘੋਸ਼ਿਤ ਕਰਨਾ, ਸ਼ਹਿਰ ਦੇ ਦੋਨਾਂ ਪਾਸੇ ਸਵਾਗਤੀ ਗੇਟ ਬਣਾਉਣੇ ਅਤੇ ਸ਼ਹੀਦ ਦੇ ਜੱਦੀ ਘਰ ਦਾ ਵਿਸਥਾਰ ਕਰਵਾਉਣਾ ਸ਼ਾਮਲ ਮੰਗਾਂ ਨੂੰ ਵੀ ਪ੍ਰਵਾਨਗੀ ਮਿਲ਼ਣ ਦੀ ਉਨ੍ਹਾਂ ਨੂੰ ਪੂਰਨ ਆਸ ਹੈ।