ਸਿਹਤ ਮੰਤਰੀ ਨੇ ਡਾਇਰੀਆ ਮਰੀਜ਼ਾ ਦਾ ਹਾਲ ਜਾਣਿਆ
ਬਿਮਾਰੀਆਂ ਤੋਂ ਬਚਾਅ ਲਈ ਲੋਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ : ਸਿਹਤ ਮੰਤਰੀ
ਰਾਜਪੁਰਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਪੁਰਾ ਦੇ ਪਿੰਡ ਚੰਗੇਰਾ ਵਿਖੇ ਪਿਛਲੇ ਦਿਨੀਂ ਆਏ ਡਾਇਰੀਆ ਦੇ ਕੇਸਾਂ ਤੋਂ ਬਾਅਦ ਅੱਜ ਸਿਹਤ ਵਿਭਾਗ ਸਮੇਤ ਜਲ ਸਪਲਾਈ ਦੀਆਂ ਟੀਮਾਂ ਨਾਲ ਪਿੰਡ ਦਾ ਦੌਰਾ ਕੀਤਾ ਅਤੇ ਮਰੀਜ਼ਾ ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਕਿ ਪਿੰਡ 'ਚ 24 ਘੰਟੇ ਨਿਗਰਾਨੀ, ਦਵਾਈਆਂ ਤੇ ਪੀਣ ਲਈ ਸਾਫ਼ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਤੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡਾਇਰੀਆ ਦੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਲੋਕਾਂ ਨੂੰ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਸਮੇਤ ਪਾਣੀ ਦੀਆਂ ਪਾਈਪ ਲਾਈਨ ਦੀ ਜਾਂਚ ਕੀਤੀ ਗਈ ਤੇ ਜਿਥੋਂ ਪਾਣੀ ਦੀ ਪਾਈਪ ਖਰਾਬ ਸੀ, ਉਸ ਨੂੰ ਠੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਜਿਥੋਂ ਪਾਣੀ ਦੀਆਂ ਪਾਈਪਾਂ ਜਾਂਦੀਆਂ ਹਨ, ਉਸ ਉਪਰ ਗੰਦਾ ਪਾਣੀ ਜਾ ਰੂੜੀਆਂ ਆਦਿ ਲੱਗੀਆਂ ਹੋਈਆਂ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਜੀਵਨ ਦਾ ਆਧਾਰ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ, ਸਕੂਲਾਂ ਤੇ ਟੋਭਿਆਂ ਨੇੜੇ ਗੰਦਗੀ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਦੇ ਟੋਭਿਆਂ ਦੀ ਸਾਫ਼ ਸਫ਼ਾਈ ਕਰਵਾਉਣ ਸਮੇਤ ਚਾਰਦੀਵਾਰੀ ਤੇ ਪਾਰਕ ਵਿਕਸਤ ਕਰਨ ਦੇ ਨਿਰਦੇਸ਼ ਸਬੰਧਤ ਵਿਭਾਗਾਂ ਨੂੰ ਦੇ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੁੰਦੀ ਹੈ ਕਿਉਂਕਿ ਇਸ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ ਤੇ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫੇਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੰਗੇਰਾ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵ ਕੀਤਾ ਜਾ ਚੁੱਕਾ ਹੈ ਤੇ ਨਵੇਂ ਕੇਸਾਂ 'ਚ ਹੁਣ ਗਿਰਾਵਟ ਹੈ ਤੇ ਸਥਿਤੀ ਕੰਟਰੋਲ 'ਚ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਅੱਜ ਇਕ ਕੇਸ ਸਾਹਮਣੇ ਆਇਆ ਹੈ ਤੇ ਹੁਣ ਤੱਕ ਪਿੰਡ 'ਚ ਕੁਲ 21 ਡਾਇਰੀਆ ਦੇ ਕੇਸ ਆਏ ਹਨ।ਇਸ ਮੌਕੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਡਾ. ਦਿਵਜੋਤ ਸਿੰਘ, ਸੀਐਚਸੀ ਕਾਲੋਮਾਜਰਾ ਦੇ ਡਾ. ਪਰਮਦੀਪ ਕੌਰ ਅਤੇ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜੇ.ਐਸ ਸਿੱਧੂ ਵੀ ਮੌਜੂਦ ਸਨ।