ਪੰਚਾਇਤਾਂ ਨੂੰ ਮਤੇ ਪਾ ਕੇ ਆਪਣੇ ਆਪਣੇ ਪਿੰਡਾਂ ਨੂੰ "ਨਸ਼ਾ ਮੁਕਤ ਪਿੰਡ" ਘੋਸ਼ਿਤ ਕਰਨ ਦੀ ਅਪੀਲ
ਖਰੜ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ ਬਲਾਕ ਦੇ ਪਿੰਡ ਚੋਲਟਾ ਖੁਰਦ, ਚੋਲਟਾ ਕਲਾਂ, ਪਨੂੰਆਂ, ਮਦਨਹੇੜੀ ਮਜਾਤੜੀ, ਨਿਆਮੀਆਂ, ਮੱਕੜਾਂ, ਦੁਭਾਲੀ, ਬਾਸੀਆਂ, ਧੜਾਕ ਕਲਾਂ,ਧੜਾਕ ਖੁਰਦ, ਅਤੇ ਖੈਰਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।
ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਹ ਮੁਹਿੰਮ ਸਮਾਜ ਦੀ ਭਲਾਈ ਲਈ ਚਲਾਈ ਗਈ ਹੈ ਤੇ ਸਾਰੇ ਲੋਕਾਂ ਨੂੰ ਵੱਧ ਚੜ ਕੇ ਇਸ ਵਿਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ, ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਨਸ਼ਾ ਪੀੜਤ ਵਿਅਕਤੀਆਂ ਦਾ ਬਿਹਤਰੀਨ ਇਲਾਜ ਕਰਨ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਪਰਿਵਾਰਕ ਮੈਂਬਰ, ਦੋਸਤ ਜਾਂ ਇਲਾਕੇ ਵਿਚ ਰਹਿੰਦਾ ਕੋਈ ਵਿਅਕਤੀ, ਭੈੜੀ ਸੰਗਤ ਕਾਰਨ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸਦਾ ਉਚਿਤ ਇਲਾਜ ਕਰਵਾਉਣ ਲਈ ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣ ਲਈ ਸਵੈ ਦ੍ਰਿੜ ਹੈ ਪਰ ਨਸ਼ਾ ਮੁਕਤੀ ਕੇਂਦਰਾਂ ਵਿਚ ਜਾਣ ਤੋਂ ਅਸਮਰੱਥ ਹੈ ਤਾਂ ਉਹ ਆਪਣੇ ਕਿਸੇ ਰਿਸ਼ਤੇਦਾਰ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਸ ਨਸ਼ਾ ਪੀੜਤ ਵਿਅਕਤੀ ਦਾ ਉਚਿਤ ਇਲਾਜ ਕਰਵਾਉਣ ਦਾ ਪ੍ਰਬੰਧ ਕਰਨਾ, ਉਹ ਖੁਦ ਯਕੀਨੀ ਬਣਾਉਣਗੇ।
ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਕਿ ਨਸ਼ੇ ਤੋਂ ਦੂਰ ਰਹਿ ਕੇ ਪੜ੍ਹਾਈ ਕਰਨ, ਕਿਤਾਬਾਂ ਪੜਨ, ਖੇਡਾਂ ਅਤੇ ਵੱਡਾ ਬਣਨ ਦਾ ਟੀਚਾ ਰੱਖਣ। ਉਨ੍ਹਾਂ ਕਿਹਾ ਕਿ ਉਹ ਨਸ਼ਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਸਰੀਰ ਅਤੇ ਸਮਾਜ ਨੂੰ ਹੀ ਖਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨਾਲ ਨਫਰਤ ਨਾ ਕਰੋ, ਸਗੋਂ ਉਸਦਾ ਇਲਾਜ ਕਰਵਾਇਆ ਜਾਵੇ। ਅਸਲ ਵਿਚ ਨਸ਼ਿਆਂ ਦੇ ਆਦੀ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾ ਕੇ ਇਲਾਜ ਕਰਵਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਬਿਨ੍ਹਾਂ ਕਿਸੇ ਡਰ ਭੈਅ ਦੇ ਸਰਕਾਰ ਦੇ ਟੋਲ ਫਰੀ ਨੰਬਰ 9779100200 ਉਪਰ ਇਤਲਾਹ ਦਿਓ, ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਵੇਚਣ ਵਾਲੇ ਵਿਰੁੱਧ ਪੁਲਿਸ ਸਖਤ ਐਕਸ਼ਨ ਲਵੇਗੀ।
ਇਸ ਮੌਕੇ ਬੀ.ਡੀ.ਪੀ.ਓ. ਘੜੂੰਆਂ ਅਤੇ ਐਸ.ਐਚ.ਓ.ਘੜੂੰਆਂ ਤੋਂ ਇਲਾਵਾ ਸਕੂਲ ਅਧਿਆਪਕ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।