ਹੁਸ਼ਿਆਰਪੁਰ : ਕਸਬਾ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਧਰਮਬੀਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਅਚਾਨਕ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਕਿ ਉਸਨੂੰ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੋਰ,ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਮੁਫ਼ਤ ਐਂਬੁਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਮਬੀਰ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 419 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਸਰੀਰ ਉਹਨਾਂ ਦੇ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ,ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ,ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।