ਘੜੂੰਆਂ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ
ਘੜੂੰਆਂ : ਰੂਪਨਗਰ ਪੁਲਿਸ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮਨੋਬਲ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਵੱਲ ਸੇਧਿਤ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਉਹ ਗ੍ਰੈਂਡ ਕੈਸਲ ਪੈਲੇਸ, ਘੜੂੰਆਂ ਵਿਖੇ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਤਹਿਤ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਡੀ ਆਈ ਜੀ ਭੁੱਲਰ ਨੇ ਕਿਹਾ, "ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ੇ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।" ਮੁਹਿੰਮ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪਿਛਲੇ 145 ਦਿਨਾਂ ਦੌਰਾਨ ਇਸ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ ਕੁੱਲ 23,237 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਪੁਲਿਸ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਕਿਉਂ ਜੋ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਾਂ/ਪੀੜਤ ਨੌਜੁਆਨਾਂ ਦੇ ਵਿਸ਼ਵਾਸ ਨੂੰ ਮੁੜ ਬਣਾਉਣ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਅਜਿਹੇ ਵਿਅਕਤੀਆਂ ਨੂੰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵੱਲ ਸੇਧਿਤ ਕਰਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹੋਏ, ਉਨ੍ਹਾਂ ਭਰੋਸਾ ਦਿੱਤਾ ਕਿ ਸਥਾਨਕ ਸਟੇਸ਼ਨ ਹਾਊਸ ਅਫਸਰ ਸਮੇਂ ਸਿਰ ਇਲਾਜ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਹਰਮਨਦੀਪ ਸਿੰਘ ਹਾਂਸ, ਜੋ ਕਿ ਸਮਾਗਮ ਵਿੱਚ ਮੌਜੂਦ ਸਨ, ਨੇ ਲੋਕਾਂ ਨੂੰ ਨਸ਼ਾ ਤਸਕਰੀ ਦੀ ਰਿਪੋਰਟ ਕਰਨ ਜਾਂ ਨਸ਼ਾ-ਨਿਰਭਰ ਵਿਅਕਤੀਆਂ ਦੇ ਇਲਾਜ ਲਈ ਮਦਦ ਲੈਣ ਲਈ ਸੇਫ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ - 97791-00200 (ਵਟਸਐਪ-ਅਧਾਰਤ ਚੈਟਬੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਐਸ ਐਸ ਪੀ ਹਾਂਸ ਨੇ ਇਹ ਵੀ ਕਿਹਾ ਕਿ ਚੱਲ ਰਹੀਆਂ 'ਨਸ਼ਾ ਮੁਕਤੀ ਯਾਤਰਾਵਾਂ' ਨੇ ਜਨਤਕ ਸਮਰਥਨ ਜੁਟਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ, ਹਜ਼ਾਰਾਂ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਨਾ ਹੀ ਤਸਕਰਾਂ ਦੀ ਮਦੱਦ ਕਰਨ ਦਾ ਪ੍ਰਣ ਲਿਆ ਹੈ। ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ। ਚੰਡੀਗੜ੍ਹ ਯੂਨੀਵਰਸਿਟੀ ਤੋਂ ਸੇਵਾਮੁਕਤ ਵਿੰਗ ਕਮਾਂਡਰ ਜੇ.ਐਸ. ਮਿਨਹਾਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਪੁਲਿਸ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜਾਗਰੂਕਤਾ ਪੈਦਾ ਕਰਕੇ ਯੂਨੀਵਰਸਿਟੀ ਕੈਂਪਸ ਅਤੇ ਨੇੜਲੇ ਖੇਤਰ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਮੁਕਤ ਰੱਖਣ ਦਾ ਭਰੋਸਾ ਦਿੱਤਾ। ਇਸ ਸਮਾਗਮ ਵਿੱਚ ਘੜੂੰਆਂ, ਕੁਰਾਲੀ, ਖਰੜ, ਬਲੌਂਗੀ ਅਤੇ ਲਾਂਡਰਾਂ ਦੀਆਂ ਪ੍ਰਮੁੱਖ ਸਥਾਨਕ ਸ਼ਖਸੀਅਤਾਂ ਅਤੇ ਪੰਚਾਇਤ ਪ੍ਰਤੀਨਿਧੀਆਂ ਦੇ ਨਾਲ-ਨਾਲ ਐਸ ਪੀ ਮਨਪ੍ਰੀਤ ਸਿੰਘ ਅਤੇ ਮੋਹਿਤ ਅਗਰਵਾਲ, ਡੀ ਐਸ ਪੀ ਖਰੜ ਕਰਨ ਸਿੰਘ ਸੰਧੂ, ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਥਾਨਕ ਐਸ ਐਚ ਓ ਸ਼ਾਮਲ ਹੋਏ।