ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਅਤੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਰਾਜ ਪੱਧਰੀ ਗਜਟਿਡ ਛੁੱਟੀ ਦੇ ਐਲਾਨ ਦਾ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਸਮੇਤ ਹੋਰਨਾਂ ਪਤਵੰਤਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼ ਦਾ ਧੰਨਵਾਦ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਗਜ਼ਟਿਡ ਛੁੱਟੀ ਦਾ ਐਲਾਨ ਹੁੰਦਿਆਂ ਹੀ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਅਤੇ ਸਰਪ੍ਰਸਤ ਮਾਸਟਰ ਕੇਹਰ ਸਿੰਘ ਜੋਸ਼ਨ ਦੀ ਅਗਵਾਈ ਹੇਠ ਕੰਬੋਜ਼ ਭਾਈਚਾਰੇ ਦੇ ਪਤਵੰਤਿਆਂ ਨੇ ਸ਼ਹੀਦ ਊਧਮ ਸਿੰਘ ਦੇ ਮੁਹੱਲਾ ਪੀਲਵਾਦ ਵਿਖੇ ਸਥਿਤ ਜੱਦੀ ਘਰ ਪੁੱਜਕੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜ ਪੱਧਰੀ ਗਜ਼ਟਿਡ ਛੁੱਟੀ ਕਰਕੇ ਸ਼ਹੀਦ ਊਧਮ ਸਿੰਘ ਨੂੰ ਵੱਡਾ ਸਨਮਾਨ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੜਕਾਂ ਦੇ ਨਾਂਅ ਸ਼ਹੀਦ ਊਧਮ ਸਿੰਘ ਮਾਰਗ ਰੱਖਣ ਤੇ ਵੀ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਬਾਕੀ ਰਹਿੰਦੀਆਂ ਮੰਗਾਂ ਦਾ ਵੀ ਐਲਾਨ ਕੀਤਾ ਜਾਵੇ ਤਾਂ ਜੋ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ, ਚੇਅਰਮੈਨ ਮਲਕੀਤ ਸਿੰਘ ਥਿੰਦ ਅਤੇ ਵਿਧਾਇਕ ਗੋਲਡੀ ਕੰਬੋਜ਼ ਨੇ ਬਾਕੀ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਲਈ ਭਰੋਸਾ ਦਿਵਾਇਆ ਹੈ। ਇਸ ਮੌਕੇ ਹਰਨੇਕ ਸਿੰਘ ਨੱਢੇ, ਸੁਰਿੰਦਰ ਸਿੰਘ, ਸੋਨੂੰ ਵਰਮਾ, ਸ਼ੈਰੀ ਥਿੰਦ, ਕਰਮ ਸਿੰਘ ਜੋਸ਼ਨ, ਮੋਨੂੰ ਅਤੇ ਚਮਕੌਰ ਸਿੰਘ ਜੋਸ਼ਨ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਇਸੇ ਦੌਰਾਨ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਰੀਬ ਸੱਤ ਮਹੀਨੇ ਪਹਿਲਾਂ ਸ਼ਹੀਦ ਊਧਮ ਸਿੰਘ ਦੀ ਸੁਨਾਮ ਮਾਨਸਾ ਸੜਕ ਤੇ ਸਥਿਤ ਸਮਾਰਕ ਤੇ ਜਾਕੇ ਇੰਟਰਨੈੱਟ ਮੀਡੀਆ ਰਾਹੀਂ ਵੀਡੀਓ ਸਾਂਝੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਗਜ਼ਟਿਡ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ, ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਕੀਤੀ ਮੰਗ ਨੂੰ ਪੂਰਾ ਕੀਤਾ ਗਿਆ ਹੈ।