ਸੁਨਾਮ : ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਚਾਰ ਅਗਸਤ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਰਤੀਆਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਕਿਨਾਰਾ ਕਰ ਰਹੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਘੁੰਮਣ ਭਵਨ ਵਿੱਚ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਭਰੂਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੋਂਗੋਵਾਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੋਪੀ ਗਿਰ ਕਲਰ ਭੈਣੀ, ਖੇਤ ਮਜ਼ਦੂਰ ਸਭਾ ਪੰਜਾਬ ਦੇ ਆਗੂ ਨਰੰਜਨ ਸਿੰਘ ਚੁਨਗਰਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਨਿਰਮਲ ਸਿੰਘ ਘਰਾਚੋਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖੇਤ ਮਜਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ ਇਸ ਲਈ ਮਜ਼ਦੂਰ ਜਥੇਬੰਦੀਆਂ ਨੇ ਚਾਰ ਅਗਸਤ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਸੁਨਾਮ, ਬਲਜੀਤ ਕੌਰ ਮਲੋਟ, ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ, ਮਹਿੰਦਰ ਭਗਤ ਜਲੰਧਰ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਪੱਕੇ ਰੁਜ਼ਗਾਰ ਦੀ ਗਰੰਟੀ, ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ 'ਚ ਕਰਾਉਣ, ਕਰਜ਼ਾ ਮੁਆਫ਼ੀ ਤੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਹੱਕ ਦੀ ਬਹਾਲੀ ਵਰਗੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਜਿੱਥੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਰਤ ਕੋਡ ਬਣਾ ਕੇ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਉਥੇ ਭਗਵੰਤ ਮਾਨ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾਕੇ ਮਜ਼ਦੂਰਾਂ ਨਾਲ਼ ਧ੍ਰੋਹ ਕਮਾਇਆ ਗਿਆ। ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਸੰਘਰਸ਼ਸ਼ੀਲ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਜਬਰ ਤੇਜ਼ ਕਰਨ ਰਾਹੀਂ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਮੀਟਿੰਗ ਦੌਰਾਨ ਹਲਕਾ ਪਾਤੜਾਂ ਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦਾ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਗੂਆਂ ਨੇ ਮਜਦੂਰ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਤੇ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਕਰਨ ਦੀ ਮੰਗ ਕੀਤੀ।