ਹੁਸ਼ਿਆਰਪੁਰ : ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪਿ੍ਰੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ ਪਿ੍ਰੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਸੈਸ਼ਨ 2024-25 ਤਹਿਤ ਕਾਲਜ ਵਿੱਚ ਵੱਖ ਵੱਖ ਕੋਰਸਾਂ ਦੀ ਪੜ੍ਹਾਈ ਕਰ ਰਹੇ ਵੀਹ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਟਰੱਸਟ ਦੇ ਸੰਚਾਲਕ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ ਨੇ ਕਿਹਾ ਕਿ ਪਿ੍ਰੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਦੇਸ਼ਾਂ ਵਿਦੇਸ਼ਾਂ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਇਆ ਜਾਂਦਾ ਹੈ ਜਿਸ ਵਿੱਚ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫ਼ਾ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਪਿ੍ਰੰਸੀਪਲ ਹਰਭਜਨ ਸਿੰਘ ਦੀ ਸ਼ਖ਼ਸੀਅਤ ਤੋਂ ਵੱਧ ਤੋਂ ਵੱਧ ਸਿੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਨੇ ਵਜ਼ੀਫ਼ਾ ਰਾਸ਼ੀ ਜੇਤੂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਵਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਟਰੱਸਟ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਪਿ੍ਰੰਸੀਪਲ ਹਰਭਜਨ ਸਿੰਘ ਦੀ ਜੀਵਨੀ ਬਾਰੇ ਆਪਣੇ ਵਿਚਾਰ ਰੱਖੇ ਅਤੇ ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਹਾਜ਼ਰ ਕਾਲਜ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਵੀ ਵਜ਼ੀਫ਼ਾ ਰਾਸ਼ੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।