ਸਿਹਤ ਬੀਮਾ ਯੋਜਨਾ ਵਿੱਚ ਇੱਕ ਹਜ਼ਾਰ ਨਿੱਜੀ ਹਸਪਤਾਲ ਕੀਤੇ ਜਾਣਗੇ ਸ਼ਾਮਿਲ
ਨਸ਼ਿਆਂ ਦੇ ਸੌਦਾਗਰ ਨਾਭਾ ਜੇਲ੍ਹ ਵਿੱਚ ਬੰਦ
ਕਾਂਗਰਸ, ਅਕਾਲੀ ਭਾਜਪਾ ਨੇ ਪੰਜਾਬ ਨੂੰ ਲੁੱਟਿਆ: ਕੇਜਰੀਵਾਲ
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਅਤੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ 'ਮੌਕੇ ਸੁਨਾਮ ਦੀ ਅਨਾਜ ਮੰਡੀ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਹਲਕੇ ਵਿੱਚ 85 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ ਨੇ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਪਰੰਤੂ ਆਜ਼ਾਦੀ ਅਜੇ ਤੱਕ ਹਰ ਘਰ ਨਹੀਂ ਪਹੁੰਚੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਰ ਘਰ ਆਜ਼ਾਦੀ ਲਿਆਉਣ ਦੀ ਪਹਿਲ ਕੀਤੀ ਹੈ। ਉਨ੍ਹਾਂ ਆਖਿਆ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਧਿਆਨ ਕੇਂਦਰਿਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਦੇ ਇੱਕ ਹਜ਼ਾਰ ਨਿੱਜੀ ਹਸਪਤਾਲਾਂ ਨੂੰ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਆਪਣਾ ਇਲਾਜ ਕਰਵਾਉਣਾ ਸੌਖਾ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਮਾਰਕੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਾਉਣ ਦਾ ਬਦਲਾ ਲਿਆ ਸੀ, ਲੇਕਿਨ ਮਜੀਠੀਆ ਪਰਿਵਾਰ ਨੇ ਇਸ ਫਰੰਗੀ ਨੂੰ ਸਨਮਾਨਿਤ ਕੀਤਾ ਸੀ। ਕਿਸੇ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਅਜਿਹੇ ਨਸ਼ੇ ਦੇ ਸੌਦਾਗਰ ਨਾਭਾ ਜੇਲ੍ਹ ਵਿੱਚ ਬੰਦ ਹਨ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰ ਵਾਰ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ ਦੀ ਫਸੀਲ ਤੋਂ ਰਟਿਆ ਹੋਇਆ ਭਾਸ਼ਣ ਦਿੱਤਾ ਜਾਂਦਾ ਹੈ। ਅੱਤਵਾਦ, ਮਹਿੰਗਾਈ ਅਤੇ ਗਰੀਬੀ 'ਤੇ ਚਿੰਤਾ ਪ੍ਰਗਟ ਨਹੀਂ ਕੀਤੀ ਜਾਂਦੀ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਸਭ ਤੋਂ ਵੱਡੇ ਨਸ਼ੇ ਦੇ ਸੌਦਾਗਰ ਨੂੰ ਸਲਾਖਾਂ ਪਿੱਛੇ ਧੱਕ ਦਿੱਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਜਦਕਿ ਕਾਂਗਰਸ ਅਤੇ ਅਕਾਲੀ ਭਾਜਪਾ ਨੇ ਪੰਜਾਬ ਨੂੰ ਬਰਬਾਦ ਅਤੇ ਲੁੱਟਿਆ ਹੈ। ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਰੋਹ ਵਿੱਚ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ.ਟੀ.ਓ., ਡਾ: ਰਵਜੋਤ ਸਿੰਘ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋੜੀ, ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ਼ੈਰੀ ਕਲਸੀ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੰਨੀ ਆਹਲੂਵਾਲੀਆ ਸਮੇਤ ਹੋਰ ਆਗੂ ਹਾਜ਼ਰ ਸਨ।