ਸ੍ਰੋਮਣੀ ਕਮੇਟੀ ਇੱਕ ਪਰਿਵਾਰ ਦੀ ਪਿੱਛਲੱਗ ਨਾ ਬਣੇ
ਅਕਾਲੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
ਸੁਨਾਮ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਊਧਮ ਸਿੰਘ 86 ਸਾਲ ਪਹਿਲਾਂ ਕਿਸਾਨਾਂ ਬਾਰੇ ਗੰਭੀਰ ਚਿੰਤਤ ਸਨ ਪਰੰਤੂ ਮੌਜੂਦਾ ਸਰਕਾਰਾਂ ਕਿਸਾਨਾਂ ਦੀ ਜ਼ਮੀਨ ਲੁੱਟਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਪੰਜਾਬ ਨੂੰ ਲੁੱਟਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਆਖਿਆ ਕਿ ਗਿਆਰਾਂ ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪੰਥ ਪ੍ਰਵਾਣਿਤ ਪ੍ਰਧਾਨ ਸਮੇਤ ਜਥੇਬੰਦਕ ਪੁਨਰ ਸੁਰਜੀਤ ਕਰਨ ਤੋਂ ਬਾਅਦ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗਾ। ਵੀਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕਰਨ ਲਈ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਸੱਦੇ ਡੇਲੀਗੇਟ ਇਜਲਾਸ ਲਈ ਸ਼੍ਰੋਮਣੀ ਕਮੇਟੀ ਨੂੰ ਇਜਲਾਸ ਕਰਨ ਲਈ ਇਜਾਜ਼ਤ ਦੇ ਦੇਣੀ ਚਾਹੀਦੀ ਹੈ ਤੇਜਾ ਸਿੰਘ ਸਮੁੰਦਰੀ ਹਾਲ ਪੰਥ ਦੀ ਵਿਰਾਸਤ ਹੈ। ਸ੍ਰੋਮਣੀ ਕਮੇਟੀ ਨੂੰ ਅਜਿਹੇ ਮਾਮਲੇ ਵਿੱਚ ਇੱਕ ਪਰਿਵਾਰ ਦਾ ਪਿਛਲੱਗ ਨਹੀਂ ਬਣਨਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਰਾਸ਼ਟਰੀ ਸ਼ਹੀਦ ਐਲਾਨਿਆ ਜਾਵੇ। ਇਹ ਮਹਾਨ ਸ਼ਹੀਦ ਭਾਰਤ ਦੇ ਅਸਲ ਹੀਰੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਲਈ ਸ਼ਹਾਦਤ ਦੇਣ ਵਾਲੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ 20 ਅਗਸਤ ਨੂੰ ਲੌਂਗੋਵਾਲ ਵਿਖੇ ਮਨਾਈ ਜਾਵੇਗੀ। ਇਸ ਮੌਕੇ ਗੁਰਚਰਨ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਡਾਕਟਰ ਰੂਪ ਸਿੰਘ ਸ਼ੇਰੋਂ, ਸੋਹਣ ਸਿੰਘ ਭੰਗੂ, ਬਿੰਦਰਪਾਲ ਨਮੋਲ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਵਿਕਰਮਜੀਤ ਸਿੰਘ ਵਿੱਕੀ, ਮਾਸਟਰ ਦਰਬਾਰਾ ਸਿੰਘ ਛਾਜਲੀ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਬਾਵਾ ਸਿੰਘ ਢਾਬੇ ਵਾਲਾ, ਨਰਿੰਦਰ ਸਿੰਘ ਨੀਨਾ, ਸੋਮ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਢੀਂਡਸਾ, ਜਸਪਾਲ ਸਿੰਘ ਕੋਚ, ਬੇਅੰਤ ਸਿੰਘ ਰੂਪਰਾਏ, ਮੱਘਰ ਸਿੰਘ ਮਰਦਖੇੜਾ ਸਮੇਤ ਹੋਰ ਆਗੂ ਹਾਜ਼ਰ ਸਨ।