ਕੁਰਾਲੀ : ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ। ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸੂਬੇ ਦੀ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਹੁਣ ਪੰਜਾਬ ਤੋਂ ਨਹੀਂ ਬਲਕਿ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਲੀਡਰ ਦਿੱਲੀ 'ਚ ਨਕਾਰਾ ਹੋ ਚੁੱਕੇ ਹਨ ਉਹੀ ਹੁਣ ਪੰਜਾਬ ਸਰਕਾਰ ਦੇ ਫੈਸਲੇ ਲੈ ਰਹੇ ਹਨ ਜੋ ਪੰਜਾਬੀਅਤ ਦੇ ਹਿੱਤਾਂ ਉੱਤੇ ਸਿੱਧਾ ਹਮਲਾ ਹੈ। ਜੀਤੀ ਪਡਿਆਲਾ ਨੇ ਕਿਹਾ ਕਿ ਇਹ ਸੂਬਾ ਜਿਸ ਨੇ ਸਦੀਆਂ ਤੱਕ ਕੁਰਬਾਨੀਆਂ ਦੇ ਕੇ ਆਪਣੀ ਧਰਤੀ ਦੀ ਰਾਖੀ ਕੀਤੀ ਅੱਜ ਉਨ੍ਹਾਂ ਲੀਡਰਾਂ ਦੇ ਹੱਥਾਂ ਵਿੱਚ ਜਾ ਚੁੱਕਾ ਹੈ ਜਿਨ੍ਹਾਂ ਨੂੰ ਨਾ ਤਾਂ ਪੰਜਾਬ ਦੀ ਮਿੱਟੀ ਦੀ ਮਹਿਕ ਦਾ ਅਹਿਸਾਸ ਹੈ ਨਾ ਹੀ ਇੱਥੋਂ ਦੇ ਲੋਕਾਂ ਦੀ ਪੀੜ ਦੀ ਸਮਝ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਦੇ ਇਸ਼ਾਰੇ 'ਤੇ ਪੰਜਾਬ ਦੀ ਜ਼ਮੀਨ ਨੂੰ ਲੈਂਡ ਪੂਲਿੰਗ ਸਕੀਮ ਦੇ ਜ਼ਰੀਏ ਹੜੱਪਣ ਦੀ ਸਾਜ਼ਿਸ਼ ਚੱਲ ਰਹੀ ਹੈ। ਇਹ ਸਕੀਮ ਕਿਸਾਨੀ ਪਿੰਡਾਂ ਅਤੇ ਜ਼ਮੀਨ ਨਾਲ ਜੁੜੇ ਸਮੂਹ ਲੋਕਾਂ ਵਿਰੁੱਧ ਵੱਡੀ ਚਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇਨ੍ਹਾਂ ਪੰਜਾਬ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਦੀ ਰਹੇਗੀ ਅਤੇ ਹਰ ਪੱਖੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੜਾਈ ਲੜੇਗੀ। ਇਸ ਮੌਕੇ ਭਿੰਦਰ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਹੁਸ਼ਿਆਰ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਮਨਦੀਪ ਸਿੰਘ, ਸਪਿੰਦਰ ਸਿੰਘ ਅਤੇ ਰਜਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।