ਵਿਕਾਸ ਕਾਰਜਾਂ ਦੇ ਉਦਘਾਟਨਾਂ ਨੂੰ ਦੱਸਿਆ ਗੁੰਮਰਾਹਕੁੰਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਸੁਨਾਮ ਅਤੇ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਵਾਲ ਖੜ੍ਹੇ ਕਰਦਿਆਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਕੀਤੇ ਰਾਜ ਪੱਧਰੀ ਸਮਾਗਮ ਤੇ ਖ਼ਜ਼ਾਨੇ ਦੀ ਲੁੱਟ ਕਰਨ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਲੱਖਾਂ ਰੁਪਏ ਖ਼ਰਚ ਕਰਕੇ ਲੱਗਣ ਵਾਲੇ ਟੈਂਟ ਤੇ ਕਰੋੜਾਂ ਰੁਪਏ ਸੂਬੇ ਦੀ ਜਨਤਾ ਦੇ ਅਜਾਈਂ ਬਰਬਾਦ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਸ਼ਹੀਦੀ ਸਮਾਗਮ ਤੇ ਖ਼ਰਚ ਕੀਤਾ ਬੇਤਹਾਸ਼ਾ ਪੈਸਾ ਸ਼ਹੀਦ ਊਧਮ ਸਿੰਘ ਦੇ ਗ਼ੁਰਬਤ ਨਾਲ ਜੂਝ ਰਹੇ ਇੱਕਾ ਦੁੱਕਾ ਪਰਿਵਾਰਾਂ ਨੂੰ ਦਿੱਤਾ ਜਾ ਸਕਦਾ ਸੀ ਲੇਕਿਨ ਮਾਨ ਸਰਕਾਰ ਨੇ ਦਿੱਲੀ ਤੋਂ ਟੈਂਟ ਲਗਵਾਕੇ ਪੈਸਾ ਬਰਬਾਦ ਕਰ ਦਿੱਤਾ ਹੈ। ਸ਼ਹੀਦੀ ਸਮਾਗਮ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਪੀਆਰਟੀਸੀ ਦੀਆਂ ਬੱਸਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ਦੌਰਾਨ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ ਲੈਣ ਦੇ ਬਿਆਨ ਦੇ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਪਿਛਲੇ ਕਰੀਬ ਬਾਰਾਂ ਸਾਲ ਤੋਂ ਕਿਸੇ ਨਾ ਕਿਸੇ ਰੂਪ ਵਿੱਚ ਸੱਤਾ ਤੇ ਕਾਬਜ਼ ਰਹੀ ਹੈ, ਉਕਤ ਆਗੂਆਂ ਦੇ ਇੰਨਾਂ ਬਿਆਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਨੂੰ ਪਹਿਲਾਂ ਸ਼ਹੀਦਾਂ ਦੇ ਸੁਪਨਿਆਂ ਬਾਰੇ ਕੋਈ ਚਿੰਤਾ ਨਹੀਂ ਸੀ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਵਾਲ ਕਰਕੇ ਪੁੱਛਿਆ ਕਿ ਉਨ੍ਹਾਂ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਲਈ ਕੀਤੇ ਐਲਾਨਾਂ ਬਾਰੇ ਸਪਸ਼ਟ ਕਰਨਗੇ ਕਿ ਐਲਾਨ ਕੀਤੇ ਪ੍ਰਾਜੈਕਟਾਂ ਦੇ ਟੈਂਡਰ ਕਿੰਨਾ ਸਮਾਂ ਪਹਿਲਾਂ ਹੋ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸ਼ਹੀਦੀ ਸਮਾਗਮ ਮੌਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਵਿਕਾਸ ਕਾਰਜਾਂ ਦੇ ਐਲਾਨ ਅਤੇ ਨੀਂਹ ਪੱਥਰ ਰਖਵਾਕੇ ਇਲਾਕੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਅਰਵਿੰਦ ਕੇਜਰੀਵਾਲ ਦੇ ਭਾਸ਼ਣ ਸਮੇਂ ਜਨਤਾ ਦਾ ਪੰਡਾਲ ਵਿੱਚੋਂ ਉੱਠਕੇ ਜਾਣਾ ਸਪਸ਼ਟ ਸੰਕੇਤ ਦੇ ਰਿਹਾ ਹੈ ਕਿ ਪੰਜਾਬ ਦੇ ਲੋਕ ਦਿੱਲੀ ਵਾਲਿਆਂ ਨੂੰ ਨਹੀਂ ਸਗੋਂ ਪੰਜਾਬ ਹਿਤੈਸ਼ੀ ਖ਼ੇਤਰੀ ਪਾਰਟੀ ਨੂੰ ਹੀ ਪਸੰਦ ਕਰਦੇ ਹਨ।