ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਨੂੰ ਇੱਕ ਖੁਸ਼ਹਾਲ ਖੇਤੀਬਾੜੀ ਸੂਬਾ ਬਣਾਉਣ ਲਈ ਕਿਸਾਨਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਮਈ, 2025 ਨੂੰ 184 ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਨ੍ਹਾਂ 11 ਨਵ-ਨਿਯੁਕਤ ਏ.ਡੀ.ਓਜ਼ ਦੀ ਭਰਤੀ ਨਾਲ ਵਿਭਾਗ ਵਿੱਚ ਭਰਤੀ ਕੀਤੇ ਗਏ ਏ.ਡੀ.ਓਜ਼ ਦੀ ਕੁੱਲ ਗਿਣਤੀ ਹੁਣ 195 ਹੋ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 55000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਭਰਤੀ ਵਿਭਾਗ ਦੀ ਸਮਰੱਥਾ ਵਿੱਚ ਵਾਧਾ ਕਰੇਗੀ ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।