ਸਫ਼ਾਈ ਵਿਵਸਥਾ ਸੁਧਾਰ ਲਈ ਸਫ਼ਾਈ ਕਰਮਚਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਕੀਤੀ ਅਪੀਲ
ਪਟਿਆਲਾ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸੂਬੇ ਭਰ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਹਨਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰੀ ਨੀਤੀਆਂ ਦੀ ਸਮੀਖਿਆ ਕਰਨਾ ਹੈ। ਉਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਤਨਦੇਹੀ ਨਾਲ ਪਹੁੰਚਾਇਆ ਜਾਵੇਗਾ ਅਤੇ ਉਹਨਾਂ ਦੀ ਭਲਾਈ ਲਈ ਢੁੱਕਵੇਂ ਫੈਸਲੇ ਲਏ ਜਾਣਗੇ ।
ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ ਤੇ ਹੱਲ ਕਰਨੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਹਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀ ਕੀਤਾ ਜਾਵੇਗਾ ।
ਮੀਟਿੰਗ ਦੀ ਸੁਰੂਆਤ ਵਿੱਚ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ, ਜਿਹਨਾਂ ਵਿੱਚ ਪੱਕੀ ਨੌਕਰੀ, ਵਧੀਆ ਮਜਦੂਰੀ, ਰਿਟਾਇਰਮੈਂਟ ਲਾਭ, ਆਊਟਸੋਰਸਿੰਗ ਨੀਤੀ ਦੀ ਸਮੀਖਿਆ, ਸਫ਼ਾਈ ਕਰਮਚਾਰੀਆਂ ਦੀ ਨਿਯਮਿਤ ਭਰਤੀ ਅਤੇ ਉਚਿਤ ਭੱਤਾ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ। ਚੇਅਰਮੈਨ ਚੰਦਨ ਗਰੇਵਾਲ ਨੇ ਇਹਨਾਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਇਹ ਮੰਗਾਂ ਸਰਕਾਰ ਤੱਕ ਪਹੁੰਚਾਉਣ ਅਤੇ ਜਲਦੀ ਹੱਲ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਉਹਨਾਂ ਸਮੂਹ ਕਰਮਚਾਰੀਆਂ ਨੂੰ ਇਹ ਵੀ ਕਿਹਾ ਕਿ ਉਹਨਾਂ ਦੀਆਂ ਸਾਰੀਆਂ ਜਾਇਜ ਮੰਗਾਂ ਤੇ ਹਾਂ ਪੱਖੀ ਕ਼ਦਮ ਚੁੱਕੇ ਜਾਣਗੇ। ਉਹਨਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਸਿਹਤਮੰਦ ਅਤੇ ਸਾਫ਼ ਸੁਥਰਾ ਮਾਹੌਲ ਮਿਲ ਸਕੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਅਤੇ ਨਗਰ ਨਿਗਮ ਦੇ ਸਫ਼ਾਈ ਸੇਵਕ ਹਾਜ਼ਰ ਸਨ ।