ਦਿੱਲੀ : ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁਦੇ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਭਗਵੰਤ ਮਾਨ ਦੁਆਰਾ ਰੱਖੀ ਗਈ ਰਾਵੀ ਨਦੀ ਦੇ ਪਾਣੀ ਦੀ ਹਾਲਤ ‘ਤੇ ਚਰਚਾ ਕੀਤੀ ਜਾਵੇਗੀ। 9 ਜੁਲਾਈ ਨੂੰ ਦਿੱਲੀ ਵਿੱਚ ਹੋਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੈਣੀ ਵਿਚਕਾਰ ਹੋਈ ਮੀਟਿੰਗ ਤੋਂ ਸਕਾਰਾਤਮਕ ਪਹਿਲੂ ਸਾਹਮਣੇ ਆਏ। ਮਾਨ ਨੇ ਕਿਹਾ ਸੀ ਕਿ ਜੇਕਰ ਪੰਜਾਬ ਨੂੰ ਰਾਵੀ ਅਤੇ ਚਨਾਬ ਦਰਿਆਵਾਂ ਤੋਂ ਪਾਣੀ ਮਿਲਦਾ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਵਿੱਚ ਸਹਿਯੋਗ ਕਰਨਗੇ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਇਸ ਮੁੱਦੇ ‘ਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ ਸੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਇਹ ਵਿਵਾਦ ਜਲਦੀ ਹੀ ਖਤਮ ਹੋਣਾ ਚਾਹੀਦਾ ਹੈ।