ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਲੋਕ-ਕੇਂਦ੍ਰਿਤ ਅਤੇ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਇਤਿਹਾਸਕ ਕਦਮ ਚੁੱਕਦੇ ਹੋਏ ਆਮ ਆਦਮੀ ਕਲੀਨਿਕਾਂ ਲਈ ਵਟਸਐਪ ਚੈਟਬੋਟ ਦੀ ਸ਼ੁਰੂਆਤ ਕੀਤੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ ਅਤੇ ਇਹ ਤਕਨੀਕ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ। ਉਨ੍ਹਾਂ ਕਿਹਾ ਕਿ ਵਟਸਐਪ ਚੈਟਬੋਟ ਰਾਹੀਂ ਹੁਣ ਫੋਨ ਤੇ ਹੀ ਡਾਕਟਰ ਦੀ ਦਵਾਈ ਵਾਲੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਵੱਲੋਂ ਦਿੱਤੀ ਅਗਲੀ ਤਰੀਕ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਪੀੜਤ ਬਜ਼ੁਰਗਾਂ, ਗਰਭਵਤੀ ਮਹਿਲਾਵਾਂ, ਨਵ-ਜੰਮੇ ਬੱਚਿਆਂ ਦੀ ਸੰਭਾਲ ਬਾਰੇ ਜਾਣਕਾਰੀ ਮਿਲਦੀ ਰਹੇਗੀ। ਇਹ ਕਦਮ ਪੰਜਾਬ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਸ. ਬਰਸਟ ਨੇ ਕਿਹਾ ਕਿ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਸਥਾਪਿਤ ਹਨ, ਜਿਹਨਾਂ ਵਿੱਚੋਂ 565 ਆਮ ਆਦਮੀ ਕਲੀਨਿਕ ਪੇਂਡੂ ਇਲਾਕਿਆਂ ਵਿੱਚ ਅਤੇ 316 ਸ਼ਹਿਰੀ ਇਲਾਕਿਆਂ ਵਿੱਚ ਹਨ। ਸੂਬਾ ਸਰਕਾਰ ਵੱਲੋਂ ਜਲਦ ਹੀ 200 ਹੋਰ ਆਮ ਆਦਮੀ ਕਲੀਨਿਕ ਖੋਲੇ ਜਾਣਗੇ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਂਟੀ-ਰੈਬੀਜ਼ ਟੀਕੇ ਇਨ੍ਹਾਂ ਕਲੀਨਿਕਾਂ ਵਿੱਚ ਹੀ ਉਪਲਬਧ ਹੋਣਗੇ। ਇਸਦੇ ਨਾਲ ਹੀ ਦਿਲ ਦੇ ਮਰੀਜਾਂ ਨੂੰ ਲੱਗਣ ਵਾਲਾ 50 ਹਜਾਰ ਰੁਪਏ ਵਾਲਾ ਟੀਕਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗੇਗਾ।
ਇਸਦੇ ਨਾਲ ਹੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ, ਤਾਂ ਕਿ ਬਿਨਾਂ ਕਿਸੇ ਆਰਥਿਕ ਬੋਝ ਤੋਂ ਲੋਕ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸਦੇ ਤਹਿਤ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।