ਹੁਸ਼ਿਆਰਪੁਰ : ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਜੋਰਦਾਰ ਵਾਪਸੀ ਕੀਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਲੋਕ ਇਹ ਗੱਲ ਜਾਣ ਚੁੱਕੇ ਹਨ ਕਿ ਆਪਣੀ ਖੇਤਰੀ ਪਾਰਟੀ ਤੋਂ ਇਲਾਵਾ ਹੋਰ ਕੋਈ ਵੀ ਸਿਆਸੀ ਧਿਰ ਪੰਜਾਬ ਦੇ ਭਲੇ ਦੀ ਗੱਲ ਨਹੀਂ ਕਰ ਸਕਦੀ, ਇਹ ਪ੍ਰਗਟਾਵਾ ਪਿੰਡ ਚਡਿਆਲ ਵਿਖੇ ਦਲਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਹੋਈ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ, ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਤੇ ਹੁਣ ਲੋਕਾਂ ਨੇ 2027 ਵਿੱਚ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਤਿੰਨ ਸਾਲ ਬੀਤ ਜਾਣ ਉਪਰੰਤ ਵੀ ਕਿਸੇ ਮਹਿਲਾ ਦੇ ਖ਼ਾਤੇ ਵਿਚ ਹਾਲੇ ਤਕ ਇੱਕ ਰੁਪਇਆ ਵੀ ਨਹੀਂ ਪਾਇਆ ਗਿਆ, ਇਸੇ ਤਰ੍ਹਾਂ ਹਰ ਘਰ ਇੱਕ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹਕੀਕਤ ਇਹ ਹੈ ਕਿ ਸਰਕਾਰੀ ਨੌਕਰੀਆਂ ਤਾਂ ਦੂਰ, ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਦਾ ਰੁਖ ਕਰਨ ਨੂੰ ਮਜਬੂਰ ਹੋ ਰਹੇ ਹਨ, ਇਹ ਸਰਕਾਰ ਦੀ ਨੀਤੀਆਂ ਦੀ ਅਸਫ਼ਲਤਾ ਨੂੰ ਦਰਸਾਉਂਦਾ ਹੈ। ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਲੈਂਡ ਪੂਲਿੰਗ ਨੀਤੀ ਨਾਲ ਜਿੱਥੇ ਪੰਜਾਬ ਦੀ ਉਪਜਾਊ ਜਮੀਨ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਉੱਥੇ ਹੀ ਇਹ ਨੀਤੀ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੈਡ ਪੂਲਿੰਗ ਨੀਤੀ ਦੇ ਖਿਲਾਫ ਤਦ ਤੱਕ ਲੜਾਈ ਜਾਰੀ ਰੱਖੇਗਾ ਜਦੋਂ ਤੱਕ ਪੰਜਾਬ ਸਰਕਾਰ ਇਸ ਨੂੰ ਵਾਪਿਸ ਨਹੀਂ ਲੈ ਲੈਂਦੀ। ਇਸ ਮੌਕੇ ਬਰਿੰਦਰ ਸਿੰਘ ਪਰਮਾਰ, ਗੁਰਪਾਲ ਸਿੰਘ ਲਾਚੋਵਾਲ, ਭੁਪਿੰਦਰ ਸਿੰਘ ਮਹਿੰਦੀਪੁਰ, ਗੁਰਬਚਨ ਸਿੰਘ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਬਲਵੀਰ ਸਿੰਘ ਜੌਹਲ, ਦੇਵ ਰਾਜ, ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।