ਸੁਨਾਮ : ਪੰਜਾਬ ਅਤੇ ਯੂਟੀ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤਹਿਤ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਨੇ ਸਾਂਝੇ ਤੌਰ ਤੇ ਰਾਮ ਸਰੂਪ ਢੈਪਈ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ। ਵੀਰਵਾਰ ਨੂੰ ਸੁਨਾਮ ਵਿਖੇ ਐਸਡੀਐਮ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਪੈਨਸ਼ਨਰਜ਼ ਆਗੂਆਂ ਪ੍ਰਧਾਨ ਰਾਮ ਸਰੂਪ ਢੈਪਈ, ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ ਅਤੇ ਸੁਰਿੰਦਰ ਸਿੰਘ ਸੁਨਾਮ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਣ ਬੁੱਝ ਕੇ ਅਣਗੌਲਿਆ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਨੂੰ ਮੰਗਾਂ ਸਬੰਧੀ ਮੀਟਿੰਗਾਂ ਦਾ ਸਮਾਂ ਦੇਕੇ ਐਨ ਮੌਕੇ ਤੇ ਜਵਾਬ ਦੇ ਦਿੱਤਾ ਜਾਂਦਾ ਹੈ। ਬੁਲਾਰਿਆਂ ਨੇ ਸੂਬਾ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਬਲਵਿੰਦਰ ਸਿੰਘ ਜਿਲ੍ਹੇਦਾਰ, ਪਵਨ ਕੁਮਾਰ ਸ਼ਰਮਾ, ਦਰਸ਼ਨ ਸਿੰਘ ਥਾਣੇਦਾਰ, ਪ੍ਰਿਤਪਾਲ ਸਿੰਘ ਮਹਿਰੋਕ, ਥਾਣੇਦਾਰ ਓਮ ਪ੍ਰਕਾਸ਼, ਕੁਲਦੀਪ ਸ਼ਰਮਾ, ਧਰਮ ਸਿੰਘ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਸੂਬੇ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਨੂੰ ਯਕੀਨੀ ਬਣਾਵੇ। ਅਖੀਰ ਵਿੱਚ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ ਨੇ ਪੈਨਸ਼ਨਰਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।