ਝੋਨੇ ਦੀ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਸਾੜਨ ਤੋਂ ਬਚਣ ਦਾ ਵੀ ਸੱਦਾ
ਪਟਿਆਲਾ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੇ ਆਗਾਮੀ ਸੀਜਨ 'ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡੀ.ਐਫ.ਐਸ.ਸੀ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਕਾਰਵਾਈ ਹੁਣੇ ਤੋਂ ਅਰੰਭੀ ਜਾਵੇ ਤਾਂ ਕਿ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾ ਸਕੇ। ਡਾ. ਪ੍ਰੀਤੀ ਯਾਦਵ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀ ਹਰ ਮੰਡੀ 'ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਝੋਨੇ ਦੀ ਖਰੀਦ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ-ਪਹਿਲਾਂ ਪੂਰੇ ਕਰਨੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ। ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਵੀ ਸੱਦਾ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਸਾਡੇ ਵਾਤਾਵਰਣ ਅਤੇ ਮਨੁੱਖਾਂ ਤੇ ਪਸ਼ੂ-ਪੰਛੀਆਂ ਦੀ ਸਿਹਤ 'ਤੇ ਮਾਰੂ ਪ੍ਰਭਾਵ ਪੈਂਦੇ ਹਨ, ਇਸ ਲਈ ਝੋਨੇ ਦੀ ਰਹਿੰਦ-ਖੁੰਹਦ ਨੂੰ ਖੇਤਾਂ ਵਿੱਚ ਹੀ ਮਿਲਾਇਆ ਜਾਵੇ। ਇਸ ਮੌਕੇ ਏ.ਡੀ.ਸੀ. (ਯੂ.ਡੀ) ਨਵਰੀਤ ਕੌਰ ਸੇਖੋਂ, ਡੀ.ਐਫ਼.ਐਸ.ਸੀ ਸਮੇਤ ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਐਫ.ਸੀ.ਆਈ., ਪਨਗ੍ਰੇਨ ਤੇ ਵੇਅਰਹਾਊਸ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਮੌਜੂਦ ਸਨ।