ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਕਰਵਾਇਆ ਜਾਣੂ
ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਪਹਿਲਕਦਮੀ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਅੱਜ ਪਿੰਡ ਬਲਸੁਆਂ 'ਚ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੇ ਪਿੰਡ ਬਲਸੁਆਂ, ਚੰਦੂਮਾਜਰਾ ਤੇ ਸੁਰਲ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦਾ ਲਾਭ ਲੈਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਬੀ.ਡੀ.ਪੀ.ਓ. ਬਨਦੀਪ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਵਿਧਾਇਕ ਨੀਨਾ ਮਿੱਤਲ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ।
ਇਸ ਦੌਰਾਨ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਤੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ।