ਕੁਰਾਲੀ : ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ 'ਤੇ ਲਾਈ ਰੋਕ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਦੀ ਜਮੀਨ ਬਚਾਉਣ ਲਈ ਇੱਕ ਵੱਡੀ ਰਾਹਤ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮਰਜ਼ੀ ਦੇ ਬਿਨਾਂ ਜ਼ਮੀਨਾਂ ਨਿਜੀ ਕੰਪਨੀਆਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜੋ ਕਿ ਪਿੰਡਾਂ ਦੀ ਪਹਿਚਾਣ 'ਤੇ ਸਿੱਧਾ ਹਮਲਾ ਸੀ। ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕਰਦੀ ਆਈ ਹੈ, ਕਿਉਂਕਿ ਇਹ ਕਿਸਾਨਾਂ ਦੇ ਹੱਕਾਂ ਵਿਰੁੱਧ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਲਿਆਂਦਾ ਗਿਆ ਇਹ ਫੈਸਲਾ ਸੱਚਾਈ, ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ। ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਰ ਕਿਸਾਨ ਅਤੇ ਜ਼ਿਮੀਂਦਾਰਾਂ ਦੀ ਹਿਮਾਇਤ ਕਰਦੀ ਰਹੇਗੀ।