ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸੋਮਵਾਰ ਨੂੰ ਸੁਨਾਮ ਦੀ ਅਨਾਜ ਮੰਡੀ ਤੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੀਤਾ ਗਿਆ। ਸੁਨਾਮ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਇੱਕ ਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਸੁਨਾਮ ਦੀ ਨਵੀਂ ਦਾਣਾ ਮੰਡੀ ਵਿੱਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ ਤੇ ਸੂਬਾਈ ਮਹਿਲਾ ਆਗੂ ਬਲਜੀਤ ਕੌਰ ਕਿਲਾ ਭਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੀ ਪੈੜ ਵਿੱਚ ਪੈੜ ਧਰਦੇ ਹੋਏ ਲੈਂਡ ਪੂਲਿੰਗ ਨੀਤੀ ਦੇ ਤਹਿਤ ਪੰਜਾਬ ਦੇ ਕਿਸਾਨਾਂ ਦੀ 65,533 ਏਕੜ ਜਮੀਨ ਕਿਸਾਨਾਂ ਤੋਂ ਖੋਹਕੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਸੌਂਪਣਾ ਚਾਹੁੰਦੀ ਹੈ ਪੰਜਾਬ ਦੇ ਲੋਕ ਕਦੇ ਵੀ ਆਪਣੀਆਂ ਪੁੱਤਾਂ ਨਾਲੋਂ ਪਿਆਰੀਆਂ ਜਮੀਨਾਂ ਤੇ ਸਰਕਾਰ ਨੂੰ ਕਬਜ਼ਾ ਨਹੀਂ ਕਰਨ ਦੇਣਗੇ। ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਸੂਬਾ ਕਾਰਜਕਾਰੀ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਆਪਣੀ ਜ਼ੁਬਾਨ ਨਾਲ ਇਹ ਗੱਲ ਲੋਕਾਂ ਸਾਹਮਣੇ ਰੱਖਦਾ ਹੈ ਕਿ ਪੰਜਾਬ ਪੂਰੇ ਭਾਰਤ ਦਾ ਢਿੱਡ ਭਰਨ ਵਿੱਚ ਵਡਮੁੱਲਾ ਯੋਗਦਾਨ ਪਾਉਂਦਾ ਹੈ। ਉਹੀ ਮੁੱਖ ਮੰਤਰੀ ਕਿਸਾਨਾਂ ਦੀਆਂ ਉਪਜਾਊ ਜਮੀਨਾਂ ਕਾਰਪੋਰੇਟਾਂ ਦੀ ਕਠਪੁਤਲੀ ਬਣਕੇ ਉਹਨਾਂ ਦੀ ਝੋਲੀ ਪਾਉਣਾ ਚਾਹੁੰਦਾ ਹੈ। ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਵਾਲੀ ਸਰਕਾਰ ਦੇ ਦਾਅਵੇ ਕਰਨ ਵਾਲਾ ਮੁੱਖ ਮੰਤਰੀ ਅੱਜ ਪੰਜਾਬ ਦੇ ਪਿੰਡਾਂ ਨੂੰ ਉਜਾੜਨ ਦੇ ਰਾਹ ਤੇ ਚੱਲ ਪਿਆ ਹੈ। ਪੰਜਾਬ ਦੇ ਸੰਘਰਸ਼ੀ ਲੋਕ ਦਿੱਲੀ ਤੋਂ ਚੱਲਣ ਵਾਲੀ ਸਰਕਾਰ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਅੱਜ ਦੇ ਮਾਰਚ ਵਿੱਚ ਜ਼ਿਲਾ ਆਗੂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਹੈਪੀ ਨਮੋਲ, ਅਮਰ ਲੌਂਗੋਵਾਲ, ਸੁਖਦੇਵ ਸ਼ਰਮਾ ਹਰਦੇਵ ਸਿੰਘ ਕੁਲਾਰ, ਸੁਖਵਿੰਦਰ ਪੇਧਨੀ ਸਮੇਤ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ।