ਸੁਨਾਮ : ਪੈਨਸ਼ਨਰਾਂ ਅਤੇ ਨੌਕਰਸ਼ਾਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਪਾਵਰਕਾਮ ਐਂਡ ਟਰਾਂਸਕੋ ਦੇ ਮੁਲਾਜ਼ਮਾਂ ਵੱਲੋਂ ਏਕਤਾ ਮੰਚ ਅਤੇ ਜੁਆਇੰਟ ਫੋਰਮ ਦੇ ਸੱਦੇ ਤਹਿਤ ਸੁਨਾਮ ਵਿਖੇ 33 ਕੇਵੀ ਸਬ ਸਟੇਸ਼ਨ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦੇਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੈਨਸ਼ਨਰ ਯੂਨੀਅਨ ਵੱਲੋਂ ਸੁਰਿੰਦਰ ਸਿੰਘ, ਫੋਰਮ ਵੱਲੋਂ ਸੁਰਿੰਦਰ ਸਿੰਘ ਬਾਕਸਰ, ਏਕਤਾ ਮੰਚ ਵੱਲੋਂ ਨਰਿੰਦਰ ਕੁਮਾਰ ਸ਼ਰਮਾ, ਜਵਾਲਾ ਸਿੰਘ, ਸੁਖਰਾਜ ਸਿੰਘ, ਕੇਵਲ ਬੱਤਰਾ, ਗੱਜਣ ਸਿੰਘ, ਕ੍ਰਿਸ਼ਨ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਦੇ ਅੜੀਅਲ ਰਵਈਏ ਤਿੰਨ ਦਿਨ ਦੀ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਕਿਹਾ ਕਿ ਪਾਵਰ ਕਾਮ ਦੀ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਸਰਕਾਰ ਦੇ ਨੁਮਾਇੰਦੇ ਜਨਤਕ ਤੌਰ ਤੇ ਐਲਾਨ ਕੁੱਝ ਹੋਰ ਕਰਦੇ ਹਨ ਜਦਕਿ ਅਮਲੀ ਰੂਪ ਵਿਚ ਕੁੱਝ ਹੋਰ ਹੁੰਦਾ ਹੈ।ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਪੰਜਾਬ ਅੰਦਰ ਹਫੜਾ ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਪਹਿਲਾਂ ਦੀ ਤਰ੍ਹਾਂ ਲਗਾਤਾਰ ਟਾਲ ਮਟੋਲ ਦੀ ਨੀਤੀ ਅਖਤਿਆਰ ਕਰੀ ਰੱਖੀ ਤਾਂ ਇਸ ਨੂੰ ਆਉਣ ਵਾਲੇ ਸਮੇਂ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ।