ਨਿਊ ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਸਰਕਾਰ ਵੱਲੋਂ ‘ਲੈਂਡ ਪੂਲਿੰਗ ਪਾਲਿਸੀ’ ਵਾਪਸ ਲੈਣ ਦਾ ਸਵਾਗਤ ਕੀਤਾ।
“ਕਿਸਾਨਾਂ ਦਾ ਇਸ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਲਿਆ ਸਟੈਂਡ ਸਹੀ ਸਾਬਤ ਹੋਇਆ ਹੈ, ਕਿਉਂਕਿ ਇਹ ਨੀਤੀ ਨਾ ਸਿਰਫ਼ ਉਨ੍ਹਾਂ ਨੂੰ ਗਰੀਬੀ ਵੱਲ ਧੱਕ ਦੇਂਦੀ, ਸਗੋਂ ਪੰਜਾਬ ਨੂੰ ਸਮਾਜਿਕ, ਆਰਥਿਕ ਅਤੇ ਵਾਤਾਵਰਣਕ ਤੌਰ ‘ਤੇ ਵੀ ਨੁਕਸਾਨ ਪਹੁੰਚਾਉਂਦੀ,” ਉਨ੍ਹਾਂ ਨੇ ਸਰਕਾਰ ਦੇ ਅਕਲ ਤੋਂ ਕੰਮ ਲੈਣ ‘ਤੇ ਰਾਹਤ ਪ੍ਰਗਟਾਈ ਹੈ।
ਇਸ ‘ਤੇ ਅੱਗੇ ਪ੍ਰਤੀਕ੍ਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਕਿ ਉਹ ਇਸ ਨੀਤੀ ਦੇ ਵਿਰੋਧ ਵਿੱਚ ਡਟੇ ਰਹੇ, ਜਿਸ ਦਾ ਸਾਫ਼ ਮਕਸਦ ਕਿਸਾਨਾਂ ਦੀ ਲੱਖਾਂ ਕਰੋੜ ਰੁਪਏ ਦੀ ਕੀਮਤ ਵਾਲੀ ਜ਼ਮੀਨ ਬਿਨਾਂ ਕਿਸੇ ਮੁਆਵਜ਼ੇ ਅਤੇ ਬਿਨਾਂ ਉਨ੍ਹਾਂ ਦੀ ਮਨਜ਼ੂਰੀ ਦੇ ਲੁੱਟਣਾ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਹਜ਼ਾਰਾਂ ਕਾਂਗਰਸੀ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਨੀਤੀ ਦਾ ਵਿਰੋਧ ਕੀਤਾ, ਕਿਸਾਨਾਂ ਦਾ ਸਾਥ ਦਿੱਤਾ ਅਤੇ ਸੂਬੇ ਭਰ ਵਿੱਚ ਨਿਯਮਿਤ ਰੂਪ ਵਿੱਚ ਰੋਸ ਪ੍ਰਦਰਸ਼ਨ ਕੀਤੇ।