ਮਾਜਰੀ : ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਲਾਕੇ ਦੇ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਇਹ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ ਹੈ, ਜਿਸ ਨੇ ਸਾਬਿਤ ਕਰ ਦਿੱਤਾ ਹੈ ਕਿ ਜਦੋਂ ਲੋਕ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਹਨ, ਤਾਂ ਸਰਕਾਰ ਨੂੰ ਵੀ ਝੁਕਣਾ ਪੈਂਦਾ ਹੈ। ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਨੀਤੀ ਸੀ, ਜਿਸ ਨਾਲ ਪੰਜਾਬ ਦੀ ਧਰਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਸੌਂਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਕਾਂਗਰਸ ਪਾਰਟੀ ਨੇ ਸ਼ੁਰੂ ਤੋਂ ਹੀ ਇਸ ਨੀਤੀ ਦਾ ਡਟ ਕੇ ਵਿਰੋਧ ਕੀਤਾ ਅਤੇ ਹਰ ਮੋਰਚੇ 'ਤੇ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਖੜੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਹੈ, ਜਿਸ ਨੇ ਆਪਣੀ ਮਾਤਭੂਮੀ ਦੀ ਰੱਖਿਆ ਲਈ ਸੰਘਰਸ਼ ਕੀਤਾ। ਇਸ ਮੌਕੇ ਪੰਜਾਬ ਕਿਸਾਨ ਸੈੱਲ ਦੇ ਜਨਰਲ ਸਕੱਤਰ ਬਲਜੀਤ ਸਿੰਘ ਅਕਾਲਗੜ੍ਹ, ਬਲਕਾਰ ਸਿੰਘ, ਹਰਜੀਤ ਸਿੰਘ ਪੱਪੀ ਸਾਬਕਾ ਸਰਪੰਚ ਢਕੋਰਾਂ ਕਲਾਂ, ਕਾਂਗਰਸੀ ਆਗੂ ਹਰਜੀਤ ਸਿੰਘ ਰੋਮੀ, ਨਰਦੇਵ ਸਿੰਘ ਬਿੱਟੂ ਭੂਪਨਗਰ, ਬਲਦੇਵ ਸਿੰਘ, ਜਤਿੰਦਰ ਸਿੰਘ, ਸਤਿੰਦਰ ਸਿੰਘ ਸੱਤੀ, ਅੰਮਿ੍ਤਪਾਲ ਸਿੰਘ ਲਾਡੀ, ਲੱਜਾ ਸਿੰਘ ਤੀੜਾ ਵੀ ਹਾਜ਼ਰ ਸਨ।