ਅਧੂਰਾ ਨੋਟੀਫ਼ਿਕੇਸ਼ਨ ਅਮਨ ਅਰੋੜਾ ਨੂੰ ਕੀਤਾ ਵਾਪਿਸ
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਮੰਗਲਵਾਰ ਨੂੰ ਸੁਨਾਮ ਵਿਖੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਭਰਾਤਰੀ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਰੋਸ ਧਰਨਾ ਦੇਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਝੂਠਾ ਨੋਟੀਫਿਕੇਸ਼ਨ ਮੰਤਰੀ ਦੇ ਦਫ਼ਤਰੀ ਅਮਲੇ ਰਾਹੀਂ ਮੰਤਰੀ ਨੂੰ ਵਾਪਿਸ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ,ਸੀਨੀਅਰ ਆਗੂ ਬਲਬੀਰ ਲੌਂਗੋਵਾਲ,ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ,ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਕਾਮਰੇਡ ਰਘਵੀਰ ਸਿੰਘ,ਬਲਬੀਰ ਜਵੰਧਾ,6505 ਅਧਿਆਪਕ ਯੂਨੀਅਨ ਦੇ ਸੰਸਾਰ ਸਿੰਘ,ਸੁਖਜਿੰਦਰ ਜਟਾਣਾ,ਈਟੀਟੀ ਅਧਿਆਪਕ ਯੂਨੀਅਨ ਦੇ ਗੁਰਜੀਤ ਘਨੌਰ,3582 ਅਧਿਆਪਕ ਯੂਨੀਅਨ ਦੇ ਰਾਜਪਾਲ ਖਨੌਰੀ,ਐਸੋਸੀਏਟ ਅਧਿਆਪਕ ਯੂਨੀਅਨ ਦੇ ਜਸਵੀਰ ਗਾਗਾ,ਪੈਨਸ਼ਨਰ ਐਸੋਸੀਏਸ਼ਨ ਦੇ ਪਵਨ ਕੁਮਾਰ,ਜ਼ਮਹੂਰੀ ਅਧਿਕਾਰ ਸਭਾ ਦੇ ਜੁਝਾਰ ਲੌਂਗੋਵਾਲ,ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੇ ਬਲਜੀਤ ਤੋਗਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਬਾਕੀ ਗਾਰੰਟੀਆਂ ਵਾਂਗ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਗਾਰੰਟੀ ਦਿੱਤੀ ਗਈ ਸੀ ਲੇਕਿਨ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਇਸ ਭਖਵੀਂ ਮੰਗ ਨੂੰ ਮੰਨਣ ਦੀ ਥਾਂ 'ਤੇ ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚਲਦਿਆਂ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐੱਸ.) ਲਾਗੂ ਕਰਨ ਲਈ ਪੱਬਾਂ ਭਾਰ ਹੈ। ਬੁਲਾਰਿਆਂ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਨਵੰਬਰ 2022 ਵਿੱਚ 'ਆਪ' ਦੀ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਅੱਖਾਂ ਵਿੱਚ ਘੱਟਾ ਪਾਇਆ ਜਦੋਂ ਇਸ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਦਾ ਇੱਕ ਸੰਖੇਪ ਨੋਟੀਫਿਕੇਸ਼ਨ ਜਾਰੀ ਕੀਤਾ ਪ੍ਰੰਤੂ ਬਾਅਦ ਵਿੱਚ ਸਾਬਿਤ ਹੋ ਗਿਆ ਕਿ ਇਹ ਉਸ ਸਮੇਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਦੇ ਮੱਦੇਨਜ਼ਰ ਕੀਤਾ ਗਿਆ ਇੱਕ ਚੋਣ ਸਟੰਟ ਸੀ। ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਾਗੂ ਕਰਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਸੰਘਰਸ਼ਸ਼ੀਲ ਤਬਕਿਆਂ ਦੇ ਹੱਕੀ ਸੰਘਰਸ਼ਾਂ ਨੂੰ ਦਬਾਉਣ ਲਈ ਤਾਨਾਸ਼ਾਹੀ ਉੱਤੇ ਉਤਾਰੂ ਹੈ । ਪੈਨਸ਼ਨ ਦਾ ਵਿਸ਼ਾ ਨਿਰੋਲ਼ ਸੂਬੇ ਦਾ ਵਿਸ਼ਾ ਹੈ ਇਸ ਸਬੰਧੀ ਹਿਮਾਚਲ ਅਤੇ ਰਾਜਸਥਾਨ ਸਮੇਤ ਅਨੇਕਾਂ ਸੂਬਾ ਸਰਕਾਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਰੱਖਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਸਿਤਮ ਜ਼ਰੀਫੀ ਇਹ ਹੈ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤਾਂ ਕੀ ਬਹਾਲ ਕਰਨੀ ਸੀ ਬਲਕਿ ਪੇਂਡੂ ਭੱਤੇ ਸਮੇਤ ਸੂਬੇ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤੇ ਕੱਟ ਦਿੱਤੇ ਹਨ। ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ, ਏ.ਸੀ.ਪੀ. ਸਕੀਮ ਬਹਾਲ ਕਰਾਉਣ, ਕੰਪਿਊਟਰ ਅਧਿਆਪਕਾਂ, ਐਨ.ਐਸ.ਕਿਉ.ਐਫ਼., ਐਸੋਸੀਏਟ ਟੀਚਰਾਂ,ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।