ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਸੂਬੇ ਦੀ ਜਨਤਾ ਦੇ ਰੋਹ ਅੱਗੇ ਝੁਕਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੈਂਡ ਪੂਲਿੰਗ ਪਾਲਸੀ ਵਾਪਸ ਲਈ ਹੈ। ਉਨ੍ਹਾਂ ਕਿਹਾ ਕਿ ਉਕਤ ਨੀਤੀ ਕਾਰਨ ਕਈ ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ਰਹੇ ਸਨ। ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸੋਹੀਆਂ ਕਲਾਂ ਅਤੇ ਖ਼ੁਰਦ ਦੀ ਜ਼ਿਆਦਾਤਰ ਜ਼ਮੀਨ ਲੈਂਡ ਪੂਲਿੰਗ ਪਾਲਸੀ ਤਹਿਤ ਆ ਰਹੀ ਸੀ ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਸੀ। ਲੈਂਡ ਪੂਲਿੰਗ ਪਾਲਸੀ ਵਾਪਿਸ ਲੈਣ ਉਪਰੰਤ ਪਿੰਡ ਸੋਹੀਆਂ ਦੇ ਕਿਸਾਨਾਂ ਨੂੰ ਮਿਲਣ ਪਹੁੰਚੇ ਦਾਮਨ ਬਾਜਵਾ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੂੰ ਦਿੱਲੀ ਦੇ ਧਾੜਵੀ ਚਲਾ ਰਹੇ ਹਨ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣਿਆ ਬੈਠਾ ਹੈ। ਉਨ੍ਹਾਂ ਕਿਹਾ ਕਿ ਉਕਤ ਪਿੰਡਾਂ ਦਾ 568 ਏਕੜ ਰਕਬਾ ਲੈਂਡ ਪੂਲਿੰਗ ਪਾਲਸੀ ਅਧੀਨ ਆ ਰਿਹਾ ਸੀ। ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦੇ ਫੈਸਲੇ ਦੀ ਜਿੱਥੇ ਪੂਰੇ ਪੰਜਾਬ ਦੇ ਲੋਕਾਂ ਨੇ ਖੁਸ਼ੀ ਜ਼ਾਹਿਰ ਕੀਤੀ ਹੈ ਉੱਥੇ ਹੀ ਪਿੰਡ ਸੋਹੀਆਂ ਕਲਾਂ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਇਸ ਨੀਤੀ ਦਾ ਵਿਰੋਧ ਕਰਕੇ ਇੱਕਜੁੱਟਤਾ ਅਤੇ ਦ੍ਰਿੜਤਾ ਦਿਖਾਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਭਾਜਪਾ ਵੱਲੋਂ ਲੈਂਡ ਪੂਲਿੰਗ ਪਾਲਸੀ ਰੱਦ ਕਰਵਾਉਣ ਲਈ ਬਕਾਇਦਾ ਪ੍ਰੋਗਰਾਮ ਉਲੀਕਿਆ ਸੀ ਜਿਸ ਤਹਿਤ 18 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੋਹੀਆਂ ਪੁੱਜਣਾ ਸੀ।