ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਰਣ ਸਿੰਘ ਚੱਠਾ, ਕੇਵਲ ਸਿੰਘ ਜਵੰਧਾ, ਰਾਮਪਾਲ ਸਿੰਘ ਜਲੂਰ, ਭੋਲਾ ਸਿੰਘ ਜਲੂਰ ਅਤੇ ਕਾਲਾ ਸਿੰਘ ਜਵੰਧਾ ਨੇ ਕਿਹਾ ਕਿ ਹੱਕ ਮੰਗਦੇ ਬਿਜਲੀ ਮੁਲਾਜ਼ਮਾਂ ਤੇ ਐਸਮਾ ਲਾਉਣਾ ਆਮ ਆਦਮੀ ਪਾਰਟੀ ਦੀ ਸਰਕਾਰ ਬੌਖਲਾਹਟ ਸਾਹਮਣੇ ਆ ਗਈ ਹੈ। ਉਨ੍ਹਾਂ ਆਖਿਆ ਕਿ ਹੱਕਾਂ ਲਈ ਸੰਘਰਸ਼ ਕਰਨਾ ਲੋਕਤੰਤਰ ਵਿੱਚ ਮੌਲਿਕ ਅਧਿਕਾਰ ਹੈ।
ਵੀਰਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਸਮੇਤ ਹੋਰਨਾਂ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਤਾਨਾਸ਼ਾਹੀ ਤੇ ਉਤਾਰੂ ਹੋ ਰਹੀ ਹੈ। ਹੱਕ ਮੰਗਦੇ ਲੋਕਾਂ ਨੂੰ ਸੰਘਰਸ਼ ਕਰਨ ਤੋਂ ਜਬਰੀ ਰੋਕਿਆ ਜਾ ਰਿਹਾ ਹੈ।ਉਨ੍ਹਾਂ ਆਖਿਆ ਕਿ ਪੰਜਾਬ ਦਾ ਹਰ ਇੱਕ ਸਰਮਾਇਆ ਅਤੇ ਅਦਾਰਾ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦੇਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਵੇ ਅਤੇ ਦਹਾਕਿਆਂ ਤੋਂ ਨਿਗੂਣੇ ਮਿਹਨਤਾਨੇ ਤੇ ਸੇਵਾਵਾਂ ਨਿਭਾਅ ਰਹੇ ਕੱਚੇ ਬਿਜਲੀ ਮੁਲਾਜ਼ਮਾਂ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਤੁਰੰਤ ਰੈਗੂਲਰ ਕਰੇ।
ਕਿਸਾਨ ਆਗੂਆਂ ਰਣ ਸਿੰਘ ਚੱਠਾ ਅਤੇ ਕੇਵਲ ਸਿੰਘ ਜਵੰਧਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਬਿਜਲੀ ਸੋਧ ਬਿੱਲ 2020 ਨੂੰ ਲਾਗੂ ਕਰਕੇ ਚਿੱਪ ਵਾਲੇ ਮੀਟਰ ਲਗਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਦਬਾਅ ਕਾਰਨ ਲੈਂਡ ਪੂਲਿੰਗ ਪਾਲਸੀ ਵਾਪਿਸ ਲੈਣੀ ਪਈ ਹੈ।