ਸੜਕ ਸੁਧਾਰ ਕਾਰਜਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਵਧੇਰਾ ਲਾਭ- ਮੰਤਰੀ ਹਰਭਜਨ ਸਿੰਘ
ਪਟਿਆਲਾ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਟਿਆਲਾ-ਸਨੌਰ ਸੜਕ ਬਨਾਉਣ ਦੀ ਸ਼ੁਰੂਆਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਰਾਧਾ ਸੁਆਮੀ ਸਤਸੰਗ ਘਰ ਨੇੜੇ ਨੀਂਹ ਪੱਥਰ ਰੱਖ ਕੇ ਕੀਤੀ । ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਹਰਮੀਤ ਸਿੰਘ ਪਠਾਜਣਮਾਜਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਪਟਿਆਲਾ-ਸਨੌਰ ਸੜਕ ਦੀ ਕੁੱਲ ਲੰਬਾਈ ਲਗਭਗ 4 ਕਿਲੋਮੀਟਰ ਹੈ, ਜੋ ਕਿ ਇਲਾਕੇ ਦੇ ਕਈ ਪਿੰਡਾਂ ਅਤੇ ਨਗਰਾਂ ਨੂੰ ਪਟਿਆਲਾ ਸ਼ਹਿਰ ਨਾਲ ਜੋੜਦੀ ਹੈ ਜਿਸ ਨਾਲ ਇਸ ਇਲਾਕੇ ਦੇ ਫਲ-ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਲਾਭ ਮਿਲੇਗਾ।
ਇਸ ਮੌਕੇ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਂ ਕੇਵਲ ਆਵਾਜਾਈ ਢਾਂਚੇ, ਸਗੋਂ ਸੱਭਿਆਚਾਰਕ ਅਤੇ ਧਾਰਮਿਕ ਥਾਵਾਂ ਦੀ ਵੀ ਸੰਭਾਲ ਅਤੇ ਸੁਧਾਰ ਕਰ ਰਹੀ ਹੈ। ਇਸ ਦੇ ਤਹਿਤ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਦੇ ਸੁੰਦਰੀਕਰਨ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ ਅਤੇ ਸ਼ਹਿਰ ਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾ ਰਹੇ ਹਨ।
ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਇਸ ਉਪਰਾਲੇ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਓਹਨਾ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕਿ ਪੰਜਾਬ ਵਿੱਚ ਕਿਸੇ ਵੀ ਸੜਕ ਦੀ ਹਾਲਤ ਤਰਸਯੋਗ ਨਹੀਂ ਹੋਣੀ ਚਾਹੀਦੀ , ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਨੂੰ ਬਨਾਉਣ ਲਈ 348.70 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ ।