ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਸਕੱਤਰ, ਸਕੂਲ ਸਿੱਖਿਆ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਜੀ.ਐਸ.ਈ. ਕਾਨਫਰੰਸ ਹਾਲ ਫੇਜ਼-8 ਮੋਹਾਲੀ ਵਿਖੇ ਮਿਸ਼ਨ ਸਮਰੱਥ 3.0 ਤਹਿਤ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ 'ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾਇਰੈਕਟਰ ਕਿਰਨ ਸ਼ਰਮਾ ਐਸ.ਸੀ.ਈ.ਆਰ.ਟੀ ਵੱਲੋਂ ਸਕੂਲ ਮੁਖੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਸਕੂਲ ਸਿੱਖਿਆ ਵਿਭਾਗ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਬਿਹਤਰ ਬਣਾਉਣ ਲਈ ਸਕੂਲ ਮੁਖੀਆਂ, ਅਧਿਆਪਕਾਂ ਅਤੇ ਹੋਰ ਸਿੱਖਿਆ ਕਰਮੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਮੌਜੂਦ ਸਕੂਲ ਮੁਖੀ ਆਪਣੇ ਵਿਦਿਆਰਥੀਆਂ ਨੂੰ ਗੁਣਾਤਮਿਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਕਰਕੇ ਉਹਨਾਂ ਨੂੰ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਸਕੂਲ ਮੁਖੀਆਂ ਵੱਲੋਂ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਮਿਸ਼ਨ ਸਮਰੱਥ ਟੀਮ ਦੀ ਚੰਗੀ ਕਾਰਗੁਜ਼ਾਰੀ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਟੀਮਾਂ ਵੱਲੋਂ ਸਮੇਂ ਸਮੇਂ ਤੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ,ਜਿਸ ਕਾਰਨ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਹੋ ਰਿਹਾ ਹੈ|
ਡਾਇਰੈਕਟਰ ਐਸ.ਸੀ.ਈ.ਆਰ.ਟੀ ਕਿਰਨ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੱਧ ਤੋਂ ਵੱਧ ਸਕੂਲਾਂ ਨੂੰ ਪ੍ਰੇਰਿਤ ਕਰਕੇ ਟੀਚਾ ਪ੍ਰਾਪਤੀ ਨਾਲ ਜੋੜਿਆ ਜਾਵੇ ਤਾਂ ਜੋ ਜਲਦ ਹੀ ਪੰਜਾਬ ਦੀ ਸਕੂਲੀ ਸਿੱਖਿਆ ਦਾ ਪੱਧਰ ਵਿਸ਼ਵ ਪੱਧਰੀ ਬਣ ਸਕੇ।