ਸੰਗਰੂਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ ਨੂੰ ਸ਼ਹਿਰ ਦੀ ਹੱਦਾਂ ਵਿੱਚ ਕਿਸੇ ਵੀ ਕਿਸਮ ਦੇ ਡਰੋਨ ਜਾਂ ਉਡਣ ਵਾਲੇ ਕੈਮਰੇ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਇਸ ਏਰੀਏ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ 15 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਜਾ ਰਿਹਾ ਹੈ ਅਤੇ ਸੁਪਰਡੈਂਟ ਜੇਲ੍ਹ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫ਼ਰੰਸ ਵਿੱਚ ਆਜ਼ਾਦੀ ਦਿਹਾੜੇ ਮੌਕੇ ਇਸ ਖੇਤਰ ਨੂੰ ਨੋ ਫ਼ਲਾਈ ਜ਼ੋਨ ਐਲਾਨਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਆਜ਼ਾਦੀ ਦੇ ਜਸ਼ਨਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਦੇ ਮੱਦੇਨਜਰ ਲਿਆ ਗਿਆ ਹੈ। ਇਹ ਹੁਕਮ 14 ਅਗਸਤ ਤੋਂ 15 ਅਗਸਤ ਤੱਕ ਲਾਗੂ ਰਹਿਣਗੇ।