ਕਿਹਾ ਦਲਿਤ ਤੇ ਪਛੜੀਆਂ ਸ਼੍ਰੇਣੀਆਂ ਨੂੰ ਕੀਤਾ ਜਾ ਰਿਹਾ ਅਣਗੌਲਿਆਂ
ਸੁਨਾਮ : ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੀਆਂ ਮੰਗਾਂ ਨੂੰ ਲੈਕੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਸੁਨਾਮ ਵਿਖੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਂਅ ਮੰਗ ਪੱਤਰ ਸੌਂਪਿਆ। ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਾਰਕੁਨਾਂ ਨੇ ਸ਼ਹਿਰ ਦੇ ਫਲਾਈ ਓਵਰ ਹੇਠ ਧਰਨਾ ਦੇਣ ਉਪਰੰਤ ਰੋਸ ਮਾਰਚ ਕੀਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਕਨਵੀਨਰ ਜਸਵੀਰ ਸਿੰਘ ਪਾਲ ਅਤੇ ਕੋ-ਕਨਵੀਨਰ ਹਰਵਿੰਦਰ ਸਿੰਘ ਮੰਡੇਰ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਮੰਗਾਂ ਨੂੰ ਲੈਕੇ ਕਈ ਵਾਰ ਸਰਕਾਰੇ ਦਰਬਾਰੇ ਗੁਹਾਰ ਲਾ ਚੁੱਕੇ ਹਨ ਪਰ ਪੰਜਾਬ ਦੀ ਆਪ ਸਰਕਾਰ ਵਲੋਂ ਉਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀ ਲਿਆ ਜਾ ਰਿਹਾ। ਬੁਲਾਰਿਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਵੱਖ ਵੱਖ ਵਰਗਾਂ ਵਿੱਚ ਸਰਕਾਰ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ। ਇਸੇ ਦੌਰਾਨ ਪ੍ਰਸ਼ਾਸਨ ਵੱਲੋਂ ਜਥੇਬੰਦੀਆਂ ਨੂੰ ਮੰਗਾਂ ਸਬੰਧੀ 4 ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਦਾ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ, ਡਾਕਟਰ ਕਮਲਜੀਤ ਸਿੰਘ, ਭੁਪਿੰਦਰ ਸਿੰਘ ਜੱਸੀ,ਹਰਵਿੰਦਰ ਸਿੰਘ, ਬਲਦੇਵ ਸਿੰਘ ਧੁੱਗਾ, ਹਰਜਸ ਸਿੰਘ ਖਡਿਆਲ, ਕਰਨੈਲ ਸਿੰਘ ਨੀਲੋਵਾਲ, ਬਲਰਾਜ ਕੁਮਾਰ, ਕਿ੍ਸ਼ਨ ਲਾਲ, ਰਾਮ ਸਿੰਘ ਮੱਟਰਾਂ , ਭੋਲਾ ਸਿੰਘ ਸੰਗਰਾਮੀ, ਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।