ਸੰਗਰੂਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਡੀ) ਸ਼੍ਰੀ ਦਵਿੰਦਰ ਅੱਤਰੀ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ।
ਇਸ ਮੌਕੇ ਸ਼੍ਰੀ ਅੱਤਰੀ ਨੇ ਦੱਸਿਆ ਕਿ ਮੁਲਜ਼ਮ ਜੀਤ ਸਿੰਘ ਉਰਫ ਸੁਰਜੀਤ ਸਿੰਘ ਵਾਸੀ ਰਾਮ ਨਗਰ ਬਸਤੀ ਸੰਗਰੂਰ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 7 ਕੇਸ ਦਰਜ ਹਨ। ਮੁਲਜ਼ਮ ਜੀਤ ਸਿੰਘ ਉਰਫ ਸੁਰਜੀਤ ਸਿੰਘ ਦੀ ਪਤਨੀ ਸ਼ਿੰਦੋ ਖ਼ਿਲਾਫ਼ ਵੀ ਐਨ.ਡੀ.ਪੀ.ਐੱਸ. ਐਕਟ ਦੇ 5 ਕੇਸ ਦਰਜ ਹਨ। ਸ਼੍ਰੀ ਦਵਿੰਦਰ ਅੱਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਐੱਸ.ਪੀ. (ਡੀ) ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀ.ਐੱਸ.ਪੀ. ਸੁਖਦੇਵ ਸਿੰਘ, ਡੀ.ਐੱਸ. ਪੀ. ਕਰਨੈਲ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।