ਕੁਰਾਲੀ : ਜੁਝਾਰੂ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਮੌਕੇ ਯੂਨੀਅਨ ਆਗੂਆਂ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਕੀਤੀ।
ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਦੀ ਪੰਜਾਬ ਪ੍ਰਧਾਨ ਰੀਮਾ ਰਾਣੀ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਦੇ ਫੰਡ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਵਰਕਰਾਂ ਅਤੇ ਹੈਲਪਰਾਂ ਨੂੰ ਸਿਰਫ਼ 6500 ਰੁਪਏ ਵਿੱਚ ਮੁਸ਼ਕਲ ਨਾਲ ਗੁਜ਼ਾਰਾ ਕਰਨਾ ਪੈ ਰਿਹਾ ਹੈ। ਉਨ੍ਹਾਂ ਡਿਪਟੀ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਨਾ ਤਾਂ ਤਰੱਕੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਤਬਾਦਲੇ। ਇਸ ਤੋਂ ਇਲਾਵਾ, ਐਨਜੀਓ ਅਧੀਨ ਨੋਟੀਫਾਈ ਕੀਤੇ ਗਏ ਬਲਾਕਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਹਿੰਮਤਪੁਰਾ ਅਤੇ ਸਰਕਲ ਮਹਾਰਾਜ ਦੇ ਖਾਲੀ ਪਏ ਆਂਗਣਵਾੜੀ ਕੇਂਦਰਾਂ ਵਿਚ ਬਦਲੀਆਂ ਕਰਨ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਦੀ ਹੀ ਐਫਆਰਐਸ ਕੀਤੇ ਜਾਣ ਦੀ ਮੰਗ ਕੀਤੀ । ਊਨਾ ਨੇ ਵਰਕਰਾਂ ਅਤੇ ਹੈਲਪਰਾਂ ਨੂੰ ਜਾਰੀ ਕੀਤੀਆਂ 20 ਛੁੱਟੀਆਂ ਦੀਆਂ ਹਦਾਇਤਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ । ਯੂਨੀਅਨ ਆਗੂਆਂ ਨੇ ਕਿਹਾ ਕਿ ਡਿਪਟੀ ਡਾਇਰੈਕਟਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਰਮਨਦੀਪ ਕੌਰ ਬੰਗਾ ਅਤੇ ਕਵਿਤਾ ਸ਼ਰਮਾ ਨਵਾਂਸ਼ਹਿਰ ਵੀ ਹਾਜਰ ਸਨ।