Wednesday, November 26, 2025

Malwa

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

August 20, 2025 04:03 PM
SehajTimes

ਕਿਹਾ! ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ

ਲੌਂਗੋਵਾਲ : ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਕਸਬਾ ਲੌਂਗੋਵਾਲ ਵਿਖੇ ਅੱਜ 2.64 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਵੱਖ ਵੱਖ ਸਮਾਗਮਾਂ ਉਤੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ 1.50 ਕਰੋੜ ਰੁਪਏ ਦੀ ਲਾਗਤ ਨਾਲ ਗਿਆਨੀ ਗਿਆਨ ਸਿੰਘ ਆਧੁਨਿਕ ਲਾਇਬ੍ਰੇਰੀ, 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਮੁਹੱਲਾ ਕਲੀਨਿਕ ਅਤੇ 89 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਟੋਭੇ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ। ਉਹਨਾਂ ਕਿਹਾ ਕਿ ਹੁਣ ਤੱਕ ਇਕੱਲੇ ਨਗਰ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜੋ ਕਿ ਪੂਰੇ ਪੰਜਾਬ ਵਿੱਚ ਰਿਕਾਰਡ ਹਨ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹਨਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਲੌਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ ਜਿਸਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਹਨਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਸਮਾਗਮਾਂ ਦੌਰਾਨ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੋਂਗੋਵਾਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment