ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਚੌਧਰੀ ਦੇਵੀ ਲਾਲ ਨੇ ਕੀਤਾ ਸੀ ਵਿਰੋਧ
ਲੌਂਗੋਵਾਲ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਭਰਤੀ ਤੋਂ ਬਾਅਦ ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁੱਧਵਾਰ ਨੂੰ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਅਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਆਯੋਜਿਤ ਕੀਤੇ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਗਵਾਈ। ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਹਮੇਸ਼ਾ ਨਿੱਜ ਪ੍ਰਸਤੀ ਨੂੰ ਤਰਜੀਹ ਦਿੱਤੀ ਹੈ। ਪੰਜਾਬ ਅਤੇ ਪੰਜਾਬੀਆਂ ਦੀਆਂ ਹੱਕੀ ਮੰਗਾਂ ਮਨਵਾਉਣ ਦੀ ਥਾਂ ਪੁੱਤਰ ਅਤੇ ਨੂੰਹ ਲਈ ਵਜ਼ੀਰੀਆਂ ਮੰਗਦੇ ਰਹੇ। ਉਨ੍ਹਾਂ ਆਖਿਆ ਕਿ ਸੱਤਾ ਚ, ਹੁੰਦਿਆਂ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਹੀਂ ਕੀਤੇ। ਅਜਿਹਾ ਪ੍ਰਗਟਾਵਾ ਮੁਲਕ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ ਉਨ੍ਹਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਇੱਕ ਮੁਲਾਕਾਤ ਦੌਰਾਨ ਕੀਤਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀਆਂ ਦੇ ਰਾਜ ਦੌਰਾਨ ਹੋਈਆਂ ਬੇਅਦਬੀਆਂ ਦਾ ਇਨਸਾਫ ਸਿੱਖਾਂ ਨੂੰ ਹਾਲੇ ਤੱਕ ਨਹੀਂ ਮਿਲਿਆ। ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਜੀਦਗੀ ਨਹੀਂ ਦਿਖਾਈ। ਸੂਬੇ ਅੰਦਰ ਨਸ਼ਿਆਂ ਵਰਗੀਆਂ ਅਲਾਮਤਾਂ ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਨਸ਼ਿਆਂ ਦੇ ਸੌਦਾਗਰ ਅਕਾਲੀ ਆਗੂਆਂ ਤੇ ਸ਼ਹਿ ਤੇ ਅਜਿਹਾ ਕਾਲਾ ਕਾਰੋਬਾਰ ਕਰਦੇ ਰਹੇ ਜਿਸ ਕਾਰਨ ਪੰਜਾਬ ਦੀ ਨੌਜਵਾਨੀ ਇਸ ਦਲਦਲ ਵਿੱਚ ਫਸ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਿਦੇਸ਼ਾਂ ਅਤੇ ਪੰਜਾਬ ਵਿੱਚ ਬੈਠੇ ਸਿੱਖਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜਿਆਂ ਨੂੰ ਮੂੰਹ ਨਾ ਲਾਉਣ। ਰਾਜੀਵ ਲੌਂਗੋਵਾਲ ਸਮਝੌਤੇ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਉਨ੍ਹਾਂ ਆਖਿਆ ਕਿ ਸੰਤ ਲੌਂਗੋਵਾਲ ਨੂੰ ਇਸ ਦੇ ਲਈ ਆਪਣੀ ਜਾਨ ਕੁਰਬਾਨ ਕਰਨੀ ਪਈ। ਉਨ੍ਹਾਂ ਆਖਿਆ ਕਿ ਰਾਜੀਵ ਲੌਂਗੋਵਾਲ ਸਮਝੌਤੇ ਤਹਿਤ ਚੰੜੀਗੜ ਪੰਜਾਬ ਨੂੰ ਦੇਣ ਦਾ ਚੌਧਰੀ ਦੇਵੀ ਲਾਲ ਨੇ ਵਿਰੋਧ ਕੀਤਾ ਸੀ ਅਤੇ ਹੁਣ ਉਨ੍ਹਾਂ ਦੇ ਪਰਿਵਾਰ ਦਾ ਇਕ ਫਰਜ਼ੰਦ ਧੌਣ ਤੇ ਗੋਡਾ ਰੱਖਕੇ ਪੰਜਾਬ ਤੋਂ ਹਰਿਆਣਾ ਲਈ ਦਰਿਆਈ ਪਾਣੀ ਲੈਣ ਦੇ ਦਮਗਜੇ ਮਾਰ ਰਿਹਾ ਹੈ। ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾਂ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਬਰਜਿੰਦਰ ਸਿੰਘ ਮੱਖਣ ਬਰਾੜ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਪਹਿਰੇਦਾਰੀ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸੰਗਤਾਂ ਦੇ ਭਰਵੇਂ ਇਕੱਠ ਨੇ ਸਵਰਗੀ ਸੁਖਦੇਵ ਸਿੰਘ ਢੀਂਡਸਾ ਦੀ ਸੋਚ ਨੂੰ ਉਜਾਗਰ ਕਰ ਦਿੱਤਾ ਹੈ ਬੇਸ਼ੱਕ ਅੱਜ ਉਹ ਸਾਡੇ ਵਿਚਕਾਰ ਨਹੀਂ ਹਨ। ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਦਾ ਨਿਸ਼ਾਨਾ ਹੀ ਸਮੁੱਚੀ ਸਿੱਖ ਕੌਮ ਨੂੰ ਇੱਕ ਮੰਚ ਤੇ ਇਕੱਠਾ ਕਰਨਾ ਸੀ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਏਜੰਡੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਿਲ ਕਰਵਾਉਣਾ ਹੈ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਤਰਜੀਹ ਹੋਵੇਗੀ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਮਨਬੀਰ ਸਿੰਘ ਚੈਰੀ, ਸੁਖਵੰਤ ਸਿੰਘ ਸਰਾਓ, ਤੇਜਾ ਸਿੰਘ ਕਮਾਲਪੁਰ, ਮਲਕੀਤ ਸਿੰਘ ਚੰਗਾਲ, ਸੁਖਵਿੰਦਰ ਸਿੰਘ ਔਲਖ, ਸਤਗੁਰ ਸਿੰਘ ਨਮੋਲ, ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ, ਦਰਸ਼ਨ ਸਿੰਘ ਸ਼ਿਵਾਲਿਕ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।