ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਕੈਂਪ ਦੌਰਾਨ ਖੁਦ ਕੀਤਾ ਖੂਨਦਾਨ
ਡਿਪਟੀ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਵਾਈ ਹਾਜ਼ਰੀ
ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ। ਸੂਬੇ ਦੇ ਲੋਕ ਉਹਨਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਇਸੇ ਤਰ੍ਹਾਂ ਸਿਜਦਾ ਕਰਦੇ ਰਹਿਣਗੇ। ਉਹ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਬ੍ਰਾਂਚ ਸੰਗਰੂਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਕੌਮ ਦੇ ਮਹਾਨ ਸ਼ਹੀਦ ਹਨ। ਉਹਨਾਂ ਨੇ ਪੰਜਾਬ ਦੀ ਏਕਤਾ ਅਤੇ ਅਮਨ ਸ਼ਾਂਤੀ ਲਈ ਆਪਣੀ ਜਾਨ ਤੱਕ ਦੀ ਪ੍ਰਵਾਹ ਨਹੀਂ ਕੀਤੀ। ਉਹਨਾਂ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਨਿੱਜ ਤੋਂ ਉਪਰ ਉਠ ਕੇ ਕੰਮ ਕੀਤਾ। ਉਹਨਾਂ ਦਾ ਜੀਵਨ ਹਰੇਕ ਅਮਨ ਪਸੰਦ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ। ਉਹ ਕਿਸੇ ਇਕ ਪਾਰਟੀ ਜਾਂ ਧਿਰ ਦੇ ਆਗੂ ਨਹੀਂ ਸਨ ਸਗੋਂ ਸਮੁੱਚੀ ਲੋਕਾਈ ਦੇ ਮਾਰਗ ਦਰਸ਼ਕ ਸਨ। ਉਹਨਾਂ ਇਸ ਗੱਲ ਉੱਤੇ ਦੁੱਖ ਪ੍ਰਗਟ ਕੀਤਾ ਕਿ ਅੱਜ ਵੀ ਕੁਝ ਰਾਜਨੀਤਿਕ ਪਾਰਟੀਆਂ, ਜੋ ਕਿ ਆਪਣੇ ਆਪ ਨੂੰ ਪੰਥਕ ਦੱਸਦੀਆਂ ਹਨ, ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ ਹਨ। ਸੰਤ ਲੌਂਗੋਵਾਲ ਨੇ ਆਪਣਾ ਖੂਨ ਡੋਲਿਆ ਤਾਂ ਕਿ ਪੰਜਾਬ ਘੁੱਗ ਵਸਦਾ ਰਹੇ ਪਰ ਵਿਰੋਧੀ ਪਾਰਟੀਆਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਉਤੇ ਲੱਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਪਿੰਡ ਲੋਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਧਰਤੀ ਦਾ ਹਮੇਸ਼ਾਂ ਹੀ ਸਤਿਕਾਰ ਕੀਤਾ ਜਾਂਦਾ ਰਹੇਗਾ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਮਹਾਨ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕੀਤਾ ਅਤੇ ਇਸ ਕੈਂਪ ਵਿੱਚ ਸ਼ਿਰਕਤ ਕਰਨ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਹੋਰ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੁਦ ਖੂਨਦਾਨ ਕੀਤਾ। ਇਸ ਮੌਕੇ ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।