ਨਾਭਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਚੇਅਰਮੈਨ ਜੱਸੀ ਸੋਹੀਆਂ ਵਾਲਾ
ਨਾਭਾ : ਇੰਪਰੂਵਮੈਂਟ ਟਰੱਸਟ ਨਾਭਾ ਦੇ ਨਵਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਤ ਦਾਰਾ ਸਿੰਘ, ਆਪ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਜੱਸੀ ਸੋਹੀਆਂ ਵਾਲਾ ਜਮੀਨ ਨਾਲ ਜੁੜੇ ਹੋਏ ਇੱਕ ਸੀਨੀਅਰ ਆਗੂ ਹਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੂੰ ਦੋ ਵਾਰ ਅਹਿਮ ਚੇਅਰਮੈਨ ਦੇ ਅਹੁਦੇ ਦੇ ਕੇ ਨਿਵਾਜਿਆ ਹੈ। ਸ. ਸੌਂਦ ਨੇ ਕਿਹਾ ਕਿ ਇਮਾਨਦਾਰ ਆਗੂ ਜੱਸੀ ਸੋਹੀਆਂ ਵਾਲਾ ਨੇ ਪਾਰਟੀ ਹਾਈ ਕਮਾਂਡ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਵਿਸ਼ਵਾਸ਼ ਜਿੱਤਿਆ ਹੈ, ਜਿਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹਲਕਾ ਨਾਭਾ ਦੇ ਵਿਧਾਇਕ ਦੇਵ ਮਾਨ ਸਮੇਤ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈਕੇ, ਆਮ ਲੋਕਾਂ ਤੇ ਪੰਜਾਬ ਤੇ ਪਾਰਟੀ ਦੀ ਸੇਵਾ ਵਧ ਚੜ੍ਹਕੇ ਕਰਦੇ ਰਹਿਣਗੇ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ਉਪਰ ਪੂਰੀ ਤਰ੍ਹਾਂ ਖਰ੍ਹਾ ਉਤਰਨਗੇ ਅਤੇ ਆਪਣੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਤਿੰਨ ਸਾਲ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਥਾਪਿਆ ਅਤੇ ਹੁਣ ਉਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ ਅਤੇ ਸ਼ਹਿਰ ਦੀ ਬਿਹਤਰੀ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਕੀਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕੇਂਦਰ 'ਤੇ ਭਾਜਪਾ ਦੀ ਅਗਵਾਈ ਹੇਠ ਰਾਜ ਕਰਦੀ ਡੀਪ ਸਟੇਟ ਵੱਲੋਂ ਘੱਟ ਗਿਣਤੀਆਂ ਤੇ ਖਾਸ ਤੌਰ 'ਤੇ ਸਿੱਖਾਂ ਨੂੰ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਸੱਦੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕ੍ਰਿਪਾਨ ਪਾਉਣ ਕਰਕੇ ਦਿੱਲੀ ਦੇ ਲਾਲ ਕਿਲੇ ਵਿੱਚ ਜਾਣ ਤੋਂ ਰੋਕੇ ਜਾਣਾ ਵੀ ਮੰਦਭਾਗਾ ਅਤੇ ਅਜਿਹੇ ਮਾਮਲੇ ਸਾਡੀ ਆਜ਼ਾਦੀ ਤੇ ਇਜ਼ਤ-ਮਾਣ ਉਪਰ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕੈਬਨਿਟ ਮੰਤਰੀ ਸ. ਸੌਂਦ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਪ੍ਰਤੀ ਕੋਈ ਹਮਦਰਦੀ ਹੈ ਤਾਂ ਉਹ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਗਏ ਦਿਹਾਤੀ ਵਿਕਾਸ ਫੰਡ, ਐਨ.ਐਚ.ਆਰ.ਐਮ.ਐਲ. ਤੇ ਪ੍ਰਧਾਨ ਮੰਤਰੀ ਯੋਜਨਾ ਦੇ ਰੋਕੇ ਗਏ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡਾਂ ਨੂੰ ਲਿਆਉਣ ਲਈ ਜ਼ੋਰ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕਕੇ ਕੇਂਦਰ ਸਰਕਾਰ ਸੂਬੇ ਦੇ ਲੋਕਾਂ ਨਾਲ ਧਰੋਹ ਕਮਾ ਰਹੀ ਹੈ।
ਇੱਕ ਹੋਰ ਸਵਾਲ ਦੇ ਜਵਾਬ 'ਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਝੋਨੇ ਦੇ ਆਗਾਮੀ ਸੀਜ਼ਨ 'ਚ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਹੁਣੇ ਤੋਂ ਪੁਖ਼ਤਾ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਅਕਤੂਬਰ ਦੇ ਪਹਿਲੇ ਹਫ਼ਤੇ ਕਰਵਾਈਆਂ ਜਾਣਗੀਆਂ ਜਿਸ ਲਈ ਤਿਆਰੀਆਂ ਮੁਕੰਮਲ ਹਨ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਅਰਦਾਸ ਕੀਤੀ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਇਸਮਤ ਵਿਜੇ ਸਿੰਘ, ਡੀ.ਐਸ.ਪੀ ਮਨਦੀਪ ਕੌਰ ਚੀਮਾ, ਲੋਕ ਸਭਾ ਹਲਕਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਇੰਪਰੂਵਮੈਂਟ ਟਰਸੱਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਚੇਅਰਮੈਨ ਗੁਰਮੇਲ ਸਿੰਘ ਘਰਾਂਚੋਂ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਮਾਰਕੀਟ ਕਮੇਟੀ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ, ਯੂਥ ਆਗੂ ਲਾਲੀ ਫ਼ਤਹਿਪੁਰ, ਸਾਬਕਾ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਸਾਬਕਾ ਚੇਅਰਮੈਨ ਅਮਰਦੀਪ ਖੰਨਾ, ਚਰਨ ਸਿੰਘ ਮਲਕੀਤ ਐਗਰੋਟੈਕ, ਗੁਰਪ੍ਰੀਤ ਸਿੰਘ ਪ੍ਰੀਤ ਗਰੁੱਪ, ਅਸ਼ੋਕ ਅਰੋੜਾ, ਕੌਂਸਲਰ ਗੁਰਬਖਸ਼ੀਸ਼ ਸਿੰਘ ਭੱਟੀ, ਰੋਜ਼ੀ ਨਾਗਪਾਲ, ਗੌਤਮ ਬਾਤਿਸ਼, ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਕੁਲਾਰਾਂ, ਸੋਮ ਨਾਥ ਢੱਲ, ਸੁਭਾਸ਼ ਸਹਿਗਲ, ਬਾਬੂ ਰਾਜ ਕੁਮਾਰ, ਸੰਦੀਪ ਸ਼ਰਮਾ, ਐਡਵੋਕੇਟ ਨਰਿੰਦਰ ਸ਼ਰਮਾ, ਅਸ਼ੋਕ ਕਿੰਗਰ, ਰਾਮ ਕ੍ਰਿਸ਼ਨ ਭੱਲਾ, ਸੁਨੀਲ ਗੁਪਤਾ, ਵਿਕਾਸ ਗੁਪਤਾ, ਅਨਿਲ ਗੁਪਤਾ, ਪ੍ਰਿੰਸੀਪਲ ਅਸ਼ਵਨੀ ਮੈਦਾਨ, ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸ਼ਾਂਤੀ ਦੇਵੀ ਤੇ ਪ੍ਰਧਾਨ ਸੋਨੀਆ ਰਾਣੀ, ਜੀਵਨ ਬਾਂਸਲ, ਅਸ਼ੋਕ ਅਰੋੜਾ ਸਵੀਟਸ, ਖੁਸ਼ੀ ਮੁਹੰਮਦ, ਅਜ਼ੀਜ਼ ਮੁਹੰਮਦ, ਲਾਡੀ ਖਹਿਰਾ, ਸੁਖਜੀਤ ਸਿੰਘ ਹਾਂਸ, ਹਰਵਿੰਦਰ ਸਿੰਘ ਖਹਿਰਾ, ਜਸਕਰਨਵੀਰ ਸਿੰਘ ਤੇਜੇ, ਹਨੀ ਪਹਾੜਪੁਰ, ਗਾਮਾ ਅਗੌਲ, ਗੋਪੀ ਫੈਜਗੜ੍ਹ, ਐਡਵੋਕੇਟ ਰਾਜਿੰਦਰ ਸਿੰਘ ਮੋਹਲ, ਅਗਰਵਾਲ ਸਭਾ ਤੋਂ ਰਜਨੀਸ਼ ਗੋਇਲ, ਭਗਵੰਤ ਸਿੰਘ ਮਣਕੂ, ਬੁੱਧ ਸਿੰਘ ਸੰਧਨੌਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਤੇ ਹਲਕੇ ਦੀਆਂ ਵੱਖ ਵੱਖ ਸਮਾਜ ਸੇਵੀ ਤੇ ਧਾਰਮਿਕ, ਪੰਚਾਂ ਸਰਪੰਚਾਂ ਤੇ ਹਲਕੇ ਦੇ ਹਰ ਵਰਗ ਨਾਲ ਸਬੰਧਤ ਲੋਕਾਂ ਨੇ ਸ਼ਮੂਲੀਅਤ ਕਰਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਮੁਬਾਰਕਬਾਦ ਦਿੱਤੀ।