ਸੁਨਾਮ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦੇਣ ਲਈ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਰਵਿੰਦਰਾ ਡਾਲਵੀ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਾਂਗਰਸ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਕਾਂਗਰਸ ਆਗੂਆਂ ਨੂੰ ਅਨੁਸ਼ਾਸਨ ਦਾ ਪਾਠ ਵੀ ਪੜ੍ਹਾਇਆ।ਸੁੱਕਰਵਾਰ ਨੂੰ ਸੁਨਾਮ ਵਿਖੇ ਸ਼ਿਵ ਨਿਕੇਤਨ ਧਰਮਸ਼ਾਲਾ ਦੇ ਹਾਲ ਵਿੱਚ ਕੀਤੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਰਵਿੰਦਰਾ ਡਾਲਵੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਆਪਸੀ ਮੱਤਭੇਦ ਭੁਲਾਕੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ। ਉਨ੍ਹਾਂ ਦੋ ਟੁੱਕ ਗੱਲ ਕਰਦਿਆਂ ਆਖਿਆ ਕਿ ਅਨੁਸ਼ਾਸਨ ਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਨੀਤੀਆਂ ਪਿੰਡ ਅਤੇ ਵਾਰਡ ਪੱਧਰ 'ਤੇ ਪਹੁੰਚਾਉਣ ਦੇ ਮੰਤਵ ਨਾਲ ਜਲਦ ਹੀ ਜ਼ਿਲ੍ਹਾ ਅਤੇ ਬਲਾਕ ਪੱਧਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਜਿੱਥੇ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਾਂਗਰਸ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹੀ ਉੱਥੇ ਹੀ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਡੱਟਕੇ ਵਿਰੋਧ ਕਰਦਿਆਂ ਰੱਦ ਕਰਵਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ। ਉਨ੍ਹਾਂ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੇ ਸਹਿਯੋਗ ਨਾਲ ਅਗਲੇ ਸਾਲ ਦੇ ਸ਼ੁਰੂ ਵਿਚ ਨਵਾਂ "ਸੰਗਠਨ" ਬਣਾਇਆ ਜਾ ਰਿਹਾ ਹੈ। ਜਿਸ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ।ਇਸ ਸਮੇ ਸਹਿ ਇੰਚਾਰਜ਼ ਰਵਿੰਦਰਾ ਡਾਲਵੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਐਚ ਐਸ ਕਿੰਗਰਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਰਜਿੰਦਰ ਦੀਪਾ, ਮੈਡਮ ਗੀਤਾ ਸ਼ਰਮਾ, ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਜਗਦੇਵ ਸਿੰਘ ਦੌਲੇਵਾਲਾ, ਸੁਰਿੰਦਰ ਸਿੰਘ ਭਰੂਰ, ਇੰਦਰਜੀਤ ਕੰਬੋਜ਼, ਪਰਮਾ ਨੰਦ ਕਾਂਸਲ ਆਦਿ ਆਗੂ ਹਾਜਰ ਸਨ।