ਗੁਰੂ ਤੇਗ ਬਹਾਦਰ ਸਾਹਿਬ ਦੇ ਫ਼ਲਸਫ਼ੇ ਨੂੰ ਜੀਵਨ ਵਿੱਚ ਅਪਨਾਉਣ ਦੀ ਲੋੜ : ਡਾ. ਜਗਦੀਪ ਸਿੰਘ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ‘ਸ੍ਰੀ ਗੁਰੁ ਤੇਗ ਬਹਾਦਰ ਜੀ: ਦਰਸ਼ਨ ਅਤੇ ਚਿੰਤਨ’ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਦਾ ਮੁੱਖ ਸੁਰ ਭਾਸ਼ਣ ਕੇਂਦਰ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਤੋਂ ਪੁੱਜੇ ਵਿਦਵਾਨ ਪਦਮਸ਼੍ਰੀ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਦਿੱਤਾ। ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕੀਤੀ। ਕੁਰੁਕਸ਼ੇਤਰ ਯੂਨਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਡਾ. ਲਾਲਚੰਦ ਗੁਪਤ ਮੰਗਲ ਨੇ ਮੁੱਖ ਮਹਿਮਾਨ ਵਜੋਂ ਅਤੇ ਡਾ. ਸੁਖਵਿੰਦਰ ਕੌਰ ਬਾਠ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕੀਤੀ। ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ।
ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਜ਼ੋਰ ਦੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਨਾਲ਼ ਸਬੰਧਤ ਪ੍ਰੋਗਰਾਮਾਂ ਦੀ ਲੜੀ ਵਿੱਚ ਇਹ ਚੌਥਾ ਪ੍ਰਗਰਾਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼਼ਲਸਫ਼ੇ ਨੂੰ ਮੁੱਖ ਰੱਖ ਕੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਅਤੇ ਅਕਾਦਮਿਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਖ਼ਸੀਅਤ ਤੋਂ ਸਾਨੂੰ ਸਬਰ, ਸਹਿਜ, ਤਿਆਗ ਅਤੇ ਉਦਾਰਤਾ ਆਦਿ ਸਿੱਖਣ ਦੀ ਲੋੜ ਹੈ। ਉਨ੍ਹਾਂ ਗੁਰੂ ਸਾਹਿਬ ਵੱਲੋਂ ਆਪਣੀਆਂ ਯਾਤਰਾਵਾਂ ਦੌਰਾਨ ਅਧਿਆਤਮਕ ਉਪਦੇਸ਼ਾਂ ਦੇ ਨਾਲ਼ ਨਾਲ਼ ਕੀਤੇ ਗਏ ਵੱਖ-ਵੱਖ ਸਮਾਜ ਸੁਧਾਰਕ ਕੰਮਾਂ ਨੂੰ ਵਿਸ਼ੇਸ਼ ਤੌਰ ਉੱਤੇ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਵੱਖ-ਵੱੱਖ ਥਾਵਾਂ ਉੱਤੇ ਬੰਜਰ ਧਰਤੀਆਂ ਨੂੰ ਅਬਾਦ ਕਰਨ, ਖੂਹ ਲਵਾਉਣ ਅਤੇ ਤੰਬਾਕੂ ਜਿਹੇ ਨਸਿ਼ਆਂ ਖਿ਼ਲਾਫ਼ ਜਾਗਰੂਕਤਾ ਪੈਦਾ ਕਰਨ ਆਦਿ ਵਿੱਚ ਵੀ ਗੁਰੂ ਸਾਹਿਬ ਦੀ ਬਹੁਤ ਵੱਡੀ ਭੂਮਿਕਾ ਰਹੀ ਹੈ।
ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਆਪਣੇ ਮੁੱਖ ਸੁਰ ਭਾਸ਼ਣ ਵਿੱਚ ਕਿਹਾ ਕਿ ਦੂਜੇ ਧਰਮ ਨੂੰ ਬਚਾਉਣ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਸ਼ਹਾਦਤ ਦਾ ਇਸ ਪੱਖੋਂ ਬਹੁਤ ਵੱਡਾ ਅਤੇ ਇਤਿਹਾਸਕ ਮਹੱਤਵ ਹੈ ਕਿ ਉਨ੍ਹਾਂ ਭੈਅ ਦੀ ਰਾਜਨੀਤੀ ਦਾ ਖਾਤਮਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਪੱਧਰ ਉੱਤੇ ਭੈਅ ਦੀ ਰਾਜਨੀਤੀ ਵਿਖਾਈ ਦਿੰਦੀ ਹੈ। ਕੁੱਝ ਤਾਕਤਵਰ ਮੁਲਕ ਬਾਕੀ ਹੋਰਨਾਂ ਨੂੰ ਡਰਾ ਕੇ ਭੈਅ ਦੀ ਰਾਜਨੀਤੀ ਵਾਲ਼ਾ ਮਾਹੌਲ ਸਿਰਜ ਰਹੇ ਹਨ ਤਾਂ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਫ਼ਲਸਫ਼ੇ ਨੂੰ ਯਾਦ ਕਰਨਾ ਹੋਰ ਵੀ ਪ੍ਰਸੰਗਿਕ ਹੋ ਗਿਆ ਹੈ। ਗੁਰੂ ਸਾਹਿਬ ਦੀ ਸ਼ਹਾਦਤ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਫਾਰਸੀ ਮੂਲ ਦੇ ਇਤਿਹਾਸਕ ਸਰੋਤ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਫ਼ਲਸਫ਼ੇ ਨੂੰ ਦੁਨੀਆਂ ਦੇ ਵੱਖ-ਵੱਖ ਕੋਨਿਆਂ ਤੱਕ ਪ੍ਰਚਾਰਨ ਵਿੱਚ ਵੱਡੀ ਭੂਮਿਕਾ ਨਿਭਾਈ।
ਮੁੱਖ ਮਹਿਮਾਨ ਡਾ. ਲਾਲਚੰਦ ਗੁਪਤ ਮੰਗਲ ਨੇ ਗੁਰੂ ਸਾਹਿਬ ਦੇ ਫ਼ਲਸਫ਼ੇ ਵਿੱਚ ਤਿਆਗ ਦੀ ਭਾਵਨਾ ਨੂੰ ਅਧਾਰ ਬਣਾ ਕੇ ਆਪਣੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਨਤਮਸਤਕ ਹੋਣਾ ਹੀ ਕਾਫ਼ੀ ਨਹੀਂ ਬਲਕਿ ਸਾਨੂੰ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਆਪਣੇ ਜਿਉਣ ਢੰਗ ਵਿੱਚ ਅਪਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਗੁਰੂ ਸਾਹਿਬ ਦੀ ਸੋਚ ਅਨੁਸਾਰ ਸਾਨੂੰ ਸਾਰਿਆਂ ਨੂੰ ਨਾਲ਼ ਮਿਲ ਕੇ ਚੱਲਣ ਦੀ ਲੋੜ ਹੈ।
ਡਾ. ਸੁਖਵਿੰਦਰ ਕੌਰ ਬਾਠ ਨੇ ਗੁਰੂ ਸਾਹਿਬ ਦੀ ਬਾਣੀ ਅਤੇ ਭਾਰਤੀ ਗਿਆਨ ਪਰੰਪਰਾ ਦੇ ਹਵਾਲੇ ਨਾਲ਼ ਆਪਣੀ ਗੱਲ ਕੀਤੀ। ਉਦਘਾਟਨੀ ਸੈਸ਼ਨ ਦਾ ਸੰਚਾਲਨ ਡਾ. ਰਜਨੀ ਪ੍ਰਤਾਪ ਵੱਲੋਂ ਕੀਤਾ ਗਿਆ।
ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਰਵੀ ਕੁਮਾਰ ਅਨੂ ਨੇ ਕੀਤੀ। ਇਸ ਸੈਸ਼ਨ ਵਿੱਚ ਡਾ. ਰਵੀਦੱਤ ਕੌਸਿ਼ਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕੀਤੀ ਅਤੇ ਡਾ. ਰੁਪਿੰਦਰ ਸ਼ਰਮਾ ਵਿਸ਼ੇਸ਼ ਬੁਲਾਰੇ ਵਜੋਂ ਸ਼ਾਮਿਲ ਹੋਏ। ਮੰਚ ਸੰਚਾਲਨ ਡਾ. ਸੋਨੀਆ ਨੇ ਕੀਤਾ।
ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫ਼ੈਸਰ ਡਾ. ਸੁਧਾ ਜਿਤੇਂਦਰ ਨੇ ਕੀਤੀ। ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਤੋਂ ਡਾ. ਪਰਮਵੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸੰਸਕ੍ਰਿਤ ਵਿਭਾਗ ਦੇ ਮੁਖੀ ਡਾ. ਵਰਿੰਦਰ ਕੁਮਾਰ ਨੇ ਵਿਦਾਇਗੀ ਭਾਸ਼ਣ ਦਿੱਤਾ। ਡਾ. ਵਰਿੰਦਰਜੀਤ ਕੌਰ, ਡਾ. ਪਰਵਿੰਦਰ ਕੌਰ ਅਤੇ ਡਾ. ਰਿਤੂ ਵੱਲੋਂ ਵੀ ਵਿਚਾਰ ਪ੍ਰਗਟਾਏ ਗਏ।