ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਵਾਪਿਸ ਲਈ ਲੈਂਡ ਪੂਲਿੰਗ ਨੀਤੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਸਮਰਾਲਾ ਵਿਖੇ 24 ਅਗਸਤ ਨੂੰ ਕੀਤੀ ਜਾ ਰਹੀ ਜੇਤੂ ਰੈਲੀ ਮੌਕੇ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਜੀਤ ਸਿੰਘ ਗੰਢੂਆਂ, ਗੁਰਤੇਜ ਸਿੰਘ ਮੈਦੇਵਾਸ ਅਤੇ ਪਵਨ ਉਗਰਾਹਾਂ ਨੇ ਵੈਨ ਰਾਂਹੀ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਰਾਂਹੀ ਪ੍ਰਚਾਰ ਕਰਕੇ ਲਾਮਬੰਦੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਲੈਂਡ ਪੂਲਿੰਗ ਪਾਲਸੀ ਵਾਪਿਸ ਕਰਵਾਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਰਾਲਾ ਦੀ ਅਨਾਜ ਮੰਡੀ ਵਿੱਚ 24 ਅਗਸਤ ਨੂੰ ਜੇਤੂ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦਾ ਫੈਸਲਾ ਕਿਸਾਨਾਂ ਦੇ ਵਿਰੋਧ ਕਾਰਨ ਵਾਪਿਸ ਲੈ ਲਿਆ ਹੈ ਪਰੰਤੂ ਅਜੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਦੀ ਨੀਤੀ ਉਹੀ ਹੈ। ਪੰਜਾਬ ਦੀਆਂ ਜਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਕੇਂਦਰ ਤੇ ਪੰਜਾਬ ਪੱਬਾਂ ਭਾਰ ਹਨ। ਪੰਜਾਬ ਦੀ ਜਨਤਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਕਦੇ ਵੀ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਆਖਿਆ ਕਿ ਸਮਰਾਲਾ ਜੇਤੂ ਰੈਲੀ ਵਿੱਚ ਸੁਨਾਮ ਬਲਾਕ ਵਿੱਚੋਂ 40 ਬੱਸਾਂ ਦਾ ਕਾਫਲਾ ਰਵਾਨਾ ਹੋਵੇਗਾ ਕਿਸਾਨਾਂ ਵਿੱਚ ਰੈਲੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਨੂੰ ਦਬਾਉਣ ਲਈ ਆਗੂਆਂ ਦੀਆਂ ਸੂਚੀਆਂ ਬਣਾਉਣ ਲੱਗੀਆਂ ਹੋਈਆਂ ਹਨ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।