ਸੁਨਾਮ : ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਸਰਕਲ ਦੀ ਵਰਕਿੰਗ ਕਮੇਟੀ ਮੀਟਿੰਗ ਗੁਰਮੇਲ ਸਿੰਘ ਖਾਈ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ ਲਹਿਰਾਗਾਗਾ, ਦਿੜ੍ਹਬਾ, ਸੰਗਰੂਰ ਅਤੇ ਸੁਨਾਮ ਡਵੀਜ਼ਨ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਗੁਰਮੇਲ ਸਿੰਘ ਖਾਈ, ਸੁਰਿੰਦਰ ਸਿੰਘ ਸੁਨਾਮ, ਜਗਦੇਵ ਸਿੰਘ ਬਾਹੀਆ, ਮਨਜੀਤ ਕੁਮਾਰ ਸਰਕਲ ਸੱਕਤਰ, ਗੁਰਮੁਖ ਸਿੰਘ, ਕਰਨੈਲ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ ਅਤੇ ਕੇ ਪੀ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਜਥੇਬੰਦੀ ਵੱਲੋਂ ਯਤਨ ਜਾਰੀ ਹਨ। ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸੰਜੀਦਗੀ ਨਹੀਂ ਦਿਖਾ ਰਹੀ। ਉਨ੍ਹਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਾਅਦੇ ਕੀਤੇ ਸਨ ਪਰੰਤੂ ਮੌਜੂਦਾ ਸਰਕਾਰ ਲਾਰਾ ਲਾਊ ਨੀਤੀਆਂ ਨੂੰ ਅਪਣਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਆਉਣ ਵਾਲੇ ਸਮੇਂ ਵਿੱਚ ਜੋ ਵੀ ਸੰਘਰਸ਼ ਦਾ ਸੱਦਾ ਸੂਬਾ ਪੱਧਰ ਤੇ ਆਵੇਗਾ ਉਸ ਨੂੰ ਸਰਕਲ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕੀਤੇ ਵਾਅਦਿਆਂ ਨੂੰ ਪੂਰਾ ਕਰੇ।