ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਇਸ ਘਟਨਾ ’ਤੇ ਦੁੱਖ ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਲਈ ਦੋ-ਦੋ ਲੱਖ ਰੁਪਏ ਦੀ ਵਿੱਤੀ ਇਮਦਾਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਸਮੁੱਚੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦੇ ਮੁਫਤ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ।