ਨਵੀਂ ਦਿੱਲੀ : ਇਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਆਤਮਕ ਆਨੰਦ ਨਾਲ ਮਨਾਇਆ ਕੀਤਾ ਗਿਆ। ਇਸ ਪ੍ਰਕਾਸ਼ ਗੁਰਪੁਰਬ ਵਿਚ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ ਅਤੇ ਗੁਰਬਾਣੀ ਕੀਰਤਨ, ਅਰਦਾਸ ਅਤੇ ਸ਼ਬਦ ਰੂਪ ਵਿਚ ਰੱਬੀ ਰੰਗ ਵਿੱਚ ਰੰਗੀਆਂ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਜੋ ਅਨਮੋਲ ਖਜ਼ਾਨਾ ਬਾਣੀ ਰੂਪ ‘ਚ ਬਖ਼ਸ਼ਿਆ ਹੈ, ਉਹ ਸਾਡੀ ਜ਼ਿੰਦਗੀ ਦੇ ਹਰ ਪੱਖ ਨੂੰ ਰੌਸ਼ਨ ਕਰਨ ਵਾਲੀ ਹੈ। ਧੰਨ ਧੰਨ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਦੀ ਸੰਪਾਦਨਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰੂਪ ਸੰਸਾਰ ਅੱਗੇ ਪ੍ਰਗਟ ਕੀਤਾ ਅਤੇ ਭਾਈ ਗੁਰਦਾਸ ਜੀ ਨੇ ਇਸ ਦੀ ਲਿਖਤ ਸੇਵਾ ਨਿਭਾਈ। ਗੁਰੂ ਸਾਹਿਬ ਨੇ ਇਸ ਗੁਰੂ ਗ੍ਰੰਥ ਸਾਹਿਬ ਜੀ ਨੂੰ 'ਪੋਥੀ ਪਰਮੇਸ਼ਰ ਕਾ ਥਾਨ' ਆਖ ਕੇ, ਰੱਬੀ ਸਰੂਪ ਵਜੋਂ ਸੰਸਾਰ ਸਾਹਮਣੇ ਪ੍ਰਗਟ ਕੀਤਾ।
ਸਰਦਾਰ ਕਾਲਕਾ ਨੇ ਯਾਦ ਦਿਵਾਇਆ ਕਿ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਨੂੰ ਇਹ ਹੁਕਮ ਬਖ਼ਸ਼ਿਆ ਸੀ,ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ।”
ਇਸ ਹੁਕਮ ਅਨੁਸਾਰ ਸਿੱਖ ਪੰਥ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦਾ ਲਈ ਜੀਵਨ-ਗੁਰੂ ਅਤੇ ਸਰਵੋਤਮ ਆਤਮਕ ਮਾਰਗਦਰਸ਼ਕ ਮੰਨਿਆ ਹੈ।
ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਉਹ ਧੁਰ ਕੀ ਬਾਣੀ ਹੈ ਜੋ ਸਾਰੀ ਚਿੰਤਾਵਾਂ ਦੂਰ ਕਰਦੀ ਹੈ ਅਤੇ ਮਨੁੱਖ ਨੂੰ ਪਰਮਾਤਮਾ ਨਾਲ ਜੋੜਦੀ ਹੈ। ਇਸ ਲਈ ਘਰ-ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਹੋਣੀ ਚਾਹੀਦੀ ਹੈ ਤਾਂ ਜੋ ਨਵੀਂ ਪੀੜ੍ਹੀ ਗੁਰਬਾਣੀ ਦੇ ਨਾਲ ਸਬੰਧਿਤ ਰਹੇ।
ਸਰਦਾਰ ਕਾਲਕਾ ਨੇ ਇਹ ਵੀ ਦੱਸਿਆ ਕਿ ਕਮੇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੂਰੇ ਸਾਲ ਭਰ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਵਿੱਚ ਤਿੰਨ ਮਹੀਨੇ ਪਹਿਲਾਂ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸਹਿਜ ਪਾਠਾਂ ਦੀ ਸ਼ੁਰੂਆਤ ਕੀਤੀ ਗਈ, ਜਿਸਨੂੰ ਹੁਣ ਘਰ-ਘਰ ਤੱਕ ਪਹੁੰਚਾਉਣ ਦਾ ਉਦੇਸ਼ ਹੈ।
ਅਖੀਰ ‘ਚ ਉਨ੍ਹਾਂ ਨੇ ਬੇਨਤੀ ਕੀਤੀ ਕਿ ਹਰ ਸਿੱਖ ਪਰਿਵਾਰ ਆਪਣੀ ਜ਼ਿੰਦਗੀ ਦਾ ਸਰਮਾਇਆ ਸਮਝਦਿਆਂ ਗੁਰਬਾਣੀ ਨਾਲ ਜੁੜੇ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਵੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਹਮੇਸ਼ਾ ਪ੍ਰੇਰਿਤ ਕਰੇ।